ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਅੱਜ ਇੱਥੇ ਸ਼ਹਿਰ ਵਿਚ 18 ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 13 ਮਾਮਲੇ ਆਈਐੱਲਆਈ ਨਾਲ ਸਬੰਧਤ ਹਨ, ਜਿਨ੍ਹਾਂ ਦਾ ਯਾਤਰਾ ਜਾਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਨਾਲ ਕੋਈ ਸਬੰਧ ਨਹੀਂ ਹੈ। ਇਸੇ ਤਰ੍ਹਾਂ ਪੰਜ ਮਾਮਲੇ ਕਰੋਨਾ ਪਾਜ਼ੇਟਿਵ ਮਰੀਜ਼ਾਂ ਤੋਂ ਲੱਗੀ ਲਾਗ ਨਾਲ ਸਬੰਧਤ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਅੱਜ ਇੱਥੇ 17 ਹੋਰ ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 936 ਹੋ ਗਈ ਹੈ। ਸਿਹਤ ਵਿਭਾਗ ਦੇ ਨੋਡਲ ਅਫ਼ਸਰ ਡਾ. ਟੀਪੀ ਸਿੰਘ ਨੇ ਕਿਹਾ ਕਿ ਨਵੇਂ ਮਰੀਜ਼ਾਂ ਵਿਚੋਂ 16 ਜਲੰਧਰ ਸ਼ਹਿਰ ਨਾਲ ਸਬੰਧਤ ਹਨ ਤੇ ਇਕ ਮਰੀਜ਼ ਲੁਧਿਆਣੇ ਦਾ ਹੈ। ਇਨ੍ਹਾਂ ਮਰੀਜ਼ਾਂ ’ਚ 11 ਪੁਰਸ਼ ਅਤੇ 6 ਔਰਤਾਂ ਸ਼ਾਮਲ ਹਨ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ 8 ਹੋਰ ਮਰੀਜ਼ਾਂ ਨੂੰ ਕੋਵਿਡ ਸੈਂਟਰ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।