ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 29 ਜੁਲਾਈ
ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਵੱਲੋਂ ਅੱਜ ਨਗਰ ਨਿਗਮ ਦੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸ਼ਹਿਰ ਵਿੱਚ ਆਮ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਨਿਰਦੇਸ਼ ਦਿੱਤੇ ਗਏ। ਸ਼ਹਿਰ ਵਿੱਚ ਬਰਸਾਤੀ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਓਐਂਡਐੱਮ ਵਿਭਾਗ ਦੇ ਨਿਗਰਾਨ ਇੰਜਨੀਅਰ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਸਾਰੇ ਡਿਸਪੋਜ਼ਲ ਪਲਾਂਟ ਬਿਨਾਂ ਕਿਸੇ ਰੁਕਾਵਟ ਦੇ ਚਲਾਏ ਜਾਣ।
ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਅ ਲਈ ਵੀ ਸਿਵਲ ਵਿਭਾਗ ਤੇ ਬਾਗਬਾਨੀ ਵਿਭਾਗ ਦੇ ਨਿਗਰਾਨ ਇੰਜਨੀਅਰ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਪੂਰਾ ਅਮਲਾ ਕੰਮ ’ਤੇ ਲਗਾਇਆ ਜਾਵੇ। ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਭੰਡਾਰੀ ਬਰਿੱਜ ਤੋਂ ਐਲੀਵੇਟਿਡ ਰੋਡ ਨੂੰ ਜਾਂਦੀ ਸਾਈਡ ਰੋਡ ’ਤੇ ਪਏ ਟੋਏ ਤੁਰੰਤ ਭਰਨ ਦੀ ਹਦਾਇਤ ਕੀਤੀ ਗਈ। ਸ਼ਹਿਰ ਵਿੱਚ ਲਾਵਾਰਿਸ ਕੁੱਤਿਆਂ ਦੀ ਨਸਬੰਦੀ ਲਈ ਸਿਹਤ ਅਫ਼ਸਰ ਨੂੰ ਆਦੇਸ਼ ਦਿੱਤੇ ਗਏ ਕਿ ਡੋਗ ਸਟਰਲਾਈਜ਼ੇਸ਼ਨ ਪ੍ਰੋਗਰਾਮ ਨੂੰ ਇਕ ਮੁਹਿੰਮ ਵਾਂਗ ਸ਼ਹਿਰ ਵਿੱਚ ਚਲਾਇਆ ਜਾਵੇ। ਇਸੇ ਤਰ੍ਹਾਂ ਮੇਅਰ ਅਤੇ ਕਮਿਸ਼ਨਰ ਨੇ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੀ ਰਿਕਵਰੀ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਹਦਾਇਤਾਂ ਦਿੱਤੀਆਂ।