ਜਥੇਦਾਰ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦਾ ਸਸਕਾਰ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਜੋ ਪੰਜਾਬ ਪੁਲੀਸ ਦੇ ਏ.ਐੱਸ.ਆਈ ਸਨ, ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਇੱਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਨੇੜੇ ਸਥਿਤ ਸ਼ਮਸ਼ਾਨਘਾਟ ਵਿੱਚ ਹੋਇਆ। ਉਹ ਬੀਤੇ ਦਿਨ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਅੱਜ ਸਸਕਾਰ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਨੇ ਸਸਕਾਰ ਮੌਕੇ ਪੁੱਜ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੱਜ ਸਵੇਰੇ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਭਾਈ ਮੰਝ ਰੋਡ ਸਥਿਤ ਰਿਹਾਇਸ਼ ਤੋਂ ਐਂਬੂਲੈਂਸ ਰਾਹੀਂ ਸ਼ਮਸ਼ਾਨਘਾਟ ਲਿਆਂਦਾ ਗਿਆ। ਸ਼ਮਸ਼ਾਨਘਾਟ ਵਿਖੇ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਪ੍ਰੇਮ ਸਿੰਘ ਨੇ ਜਪੁਜੀ ਸਾਹਿਬ ਦੀ ਬਾਣੀ ਦਾ ਪਾਠ ਕੀਤਾ, ਉਪਰੰਤ ਪੰਜਾਬ ਪੁਲੀਸ ਦੇ ਸਾਬਤ ਸੂਰਤ ਜਵਾਨਾਂ ਵੱਲੋਂ ਹਵਾ ਵਿੱਚ ਗੋਲੀਆਂ ਚਲਾ ਕੇ ਸਲਾਮੀ ਦਿੱਤੀ ਗਈ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਭਾਈ ਮੰਝ ਰੋਡ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਤੇ ਸਹਿਜ ਪਾਠ ਦੇ ਭੋਗ 10 ਅਗਸਤ ਨੂੰ ਸਵੇਰੇ 9 ਵਜੇ ਪੈਣਗੇ ਅਤੇ ਇਸ ਉਪਰੰਤ ਅੰਤਿਮ ਅਰਦਾਸ ਸਮਾਗਮ ਤਰਨ ਤਾਰਨ ਰੋਡ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ, ਅੰਮ੍ਰਿਤਸਰ ਵਿਖੇ ਹੋਣਗੇ।