ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਗੜੇਮਾਰੀ ਵੀ ਹੋਈ ਹੈ, ਜਿਸ ਨਾਲ ਕਣਕ ਦੀ ਪੱਕੀ ਹੋਈ ਫਸਲ ਦੇ ਸਿੱਟੇ ਹੇਠਾਂ ਡਿੱਗ ਪਏ ਹਨ। ਕਣਕ ਤੋਂ ਇਲਾਵਾ ਮੱਕੀ ਅਤੇ ਟਮਾਟਰ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਨੇੜਲੇ ਪਿੰਡਾਂ ਨਾਗ ਕਲਾਂ, ਹਰੀਆਂ ਈਦਗਾਹ ਤੇ ਹੋਰਨਾ ਥਾਵਾਂ 'ਤੇ ਗੜਿਆਂ ਨੇ ਵੱਡਾ ਨੁਕਸਾਨ ਕੀਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਫਸਲ ਤਿਆਰ ਖੜੀ ਸੀ ਪਰ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜਿਆਂ ਨੇ ਫਸਲ ਜਮੀਨ 'ਤੇ ਵਿਛਾ ਦਿੱਤੀ ਹੈ। ਇਸ ਤੋਂ ਇਲਾਵਾ ਮੱਕੀ ਅਤੇ ਟਮਾਟਰ ਦੀ ਫਸਲ ਵੀ ਨੁਕਸਾਨੀ ਗਈ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਢੁਕਵੇ ਮੁਆਵਜੇ ਦੀ ਮੰਗ ਕੀਤੀ ਹੈ।
ਪ੍ਰਭਾਵਿਤ ਪਿੰਡਾਂ ਵਿੱਚ ਜਾਇਜ਼ਾ ਲੈਣ ਪੁੱਜੇ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਨੁਕਸਾਨੀਆਂ ਗਈਆਂ ਫਸਲਾਂ ਦਾ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ, ''ਜਦੋਂ ਪਰਾਲੀ ਸਾੜੀ ਜਾਂਦੀ ਸੀ ਤਾਂ ਸਰਕਾਰ ਨੇ ਸੈਟੇਲਾਈਟ ਰਾਹੀ ਪਹੁੰਚ ਕਰਕੇ ਕਿਸਾਨਾਂ ਨੂੰ ਜੁਰਮਾਨੇ ਲਗਾਏ ਅਤੇ ਕੇਸ ਦਰਜ ਕੀਤੇ, ਕੀ ਹੁਣ ਸਰਕਾਰ ਨੂੰ ਸੈਟੇਲਾਈਟ ਰਾਹੀ ਕਿਸਾਨਾਂ ਦੇ ਹੋਏ ਨੁਕਸਾਨ ਦਾ ਪਤਾ ਨਹੀਂ ਲੱਗ ਰਿਹਾ ਹੈ?'
ਉਨ੍ਹਾਂ ਕਿਹਾ ਕਿ ਹਾਕਮ ਧਿਰ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਵੀ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਵਾਸਤੇ ਨਹੀਂ ਪਹੁੰਚੇ ਹਨ। ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਨਾਲ ਗੱਲਬਾਤ ਕਰਕੇ ਮੁਆਵਜ਼ੇ ਦੀ ਮੰਗ ਕੀਤੀ ਜਾਵੇਗੀ।

