ਅੰਮ੍ਰਿਤਸਰ ਪੁਲੀਸ ਨੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਤੇ ਨਸ਼ੇ ਦੀ ਖੇਪ ਸਣੇ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਪੁਲੀਸ ਨੇ ਛੇ ਪਿਸਤੌਲ, 10 ਕਾਰਤੂਸ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਨਗਦ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲੀਸ ਨੇ ਮੁਲਜ਼ਮਾ ਦੀ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਤਸਕਰੀ ਲਈ ਕਰਦੇ ਸਨ।
ਗੌਰਵ ਯਾਦਵ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਖੂਫੀਆ ਜਾਣਕਾਰੀ ਦੇ ਆਧਾਰ ’ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ, ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਛੇ ਅਤਿ-ਆਧੁਨਿਕ ਪਿਸਤੌਲਾਂ, 10 ਕਾਰਤੂਸ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਬਰਾਮਦ ਕੀਤੇ।"
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ ਅਤੇ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਪੁਲੀਸ ਥਾਣਾ ਛਾਉਣੀ ਵਿੱਚ ਅਸਲਾ ਐਕਟ ਅਤੇ ਐਨ.ਡੀ.ਪੀ.ਐਸ (NDPS) ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

