ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਕਾਰਕੁਨਾਂ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਦੋਵੇਂ ਵਾਸੀ ਤਰਨ ਤਾਰਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲੀਸ ਥਾਣਾ ਐਸਐਸੳਸੀ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਸਾਰੇ ਸਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।