ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਕਤੂਬਰ
ਸ੍ਰੀ ਦਰਬਾਰਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ ਘਰ ਅੱਜ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ। ਇਹ ਜੋੜਾ ਤੇ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਤਿਆਰ ਕਰਵਾਇਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤ ਰੋਜਾਨਾ ਨਤਮਸਤਕ ਹੋਣ ਆਉਂਦੀ ਹੈ। ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਜੋੜਾ ਘਰ ਤੇ ਗੱਠੜੀ ਘਰ ਦਾ ਵਿਸਥਾਰ ਕੀਤਾ ਗਿਆ ਹੈ। ਇਸ ਨਵੇਂ ਜੋੜਾ ਘਰ ਵਿਚ ਲਗਪਗ 20 ਹਜ਼ਾਰ ਵਿਅਕਤੀਆਂ ਦੇ ਜੋੜੇ ਰੱਖਣ ਦੀ ਸਮਰਥਾ ਹੈ। ਇਸ ਦੇ ਨਾਲ ਹੀ ਗਠੜੀ ਘਰ ਵਿਚ ਸੰਗਤ ਆਪਣਾ ਸਮਾਨ ਜਮ੍ਹਾਂ ਕਰਵਾ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਮੈਂਬਰ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਗੁਰਬੀਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ।