ਅੰਮ੍ਰਿਤਸਰ: ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵਿਚੱ ਤਾਇਨਾਤ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਕਾਰਨ ਪੁਲੀਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਐਵਾਰਡ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਡੀਜੀਪੀ ਪੰਜਾਬ ਵੱਲੋਂ ਉਨ੍ਹਾਂ ਨੂੰ ਵੱਖ ਵੱਖ ਸਮਿਆਂ ’ਤੇ ਚਾਰ ਵਾਰ ਡਾਇਰੈਕਟਰ ਜਨਰਲ ਕਮੈਂਡੇਸ਼ਨ ਡਿਸਕ ਐਵਾਰਡ ਨਾਲ ਵੀ ਸਨਮਾਨਤ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਪੰਜਾਬ ਪੁਲੀਸ ਵਿੱਚ ਐੱਸਐੱਚਓ, ਡੀਐੱਸਪੀ, ਐੱਸਪੀ ਦੇ ਅਹੁਦੇ ’ਤੇ ਸੇਵਾ ਨਿਭਾਈਆਂ ਹਨ ਅਤੇ ਹੁਣ ਡੀਸੀਪੀ ਦੇ ਅਹੁਦੇ ’ਤੇ ਸੇਵਾ ਨਿਭਾਈ ਜਾ ਰਹੀ ਹੈ। ਉਹ ਚੰਗੇ ਬਾਸਕਟਬਾਲ ਖਿਡਾਰੀ ਵੀ ਹਨ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਵੀ ਰਹੇ ਹਨ। ਖੇਡਾਂ ਪ੍ਰਤੀ ਯੋਗਦਾਨ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਅਤੇ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਜਾ ਚੁੱਕਿਆ ਹੈ। ਉਹ ਪਿੰਡ ਭੰਡਾਲ ਜ਼ਿਲ੍ਹਾ ਕਪੂਰਥਲਾ ਦੇ ਰਹਿਣ ਵਾਲੇ ਹਨ। -ਟਨਸ