ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ, ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਮੁਲਤਵੀ

ਸਡ਼ਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਕਾਰਨ ਜਥੇਦਾਰ ਗਡ਼ਗੱਜ ਦੇ ਜੀਜਾ ਗੁਰਵਿੰਦਰ ਸਿੰਘ ਕਰ ਗਏ ਅਕਾਲ ਚਲਾਣਾ
ਗੁਰਵਿੰਦਰ ਸਿੰਘ ਦੀ ਫਾਈਲ ਫੋਟੋ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਮਿਤੀ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਗੁਰਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਸਨ, ਜੋ ਬੀਤੀ ਰਾਤ ਅੰਮ੍ਰਿਤਸਰ-ਤਰਨ ਤਾਰਨ ਸੜਕ ਉੱਤੇ ਗੋਹਲਵੜ ਦੇ ਨੇੜੇ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ।

Advertisement

ਪੰਜਾਬ ਪੁਲੀਸ ’ਚ ASI ਤੇ ਜਥੇਦਾਰ ਗੜਗੱਜ ਨਾਲ ਸੁਰੱਖਿਆ ’ਚ ਤਾਇਨਾਤ ਸਨ ਗੁਰਵਿੰਦਰ ਸਿੰਘ

ਗੁਰਵਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ ਕਿ ਰਸਤੇ ਵਿੱਚ ਗਾਂ ਨਾਲ ਟਕਰਾਉਣ ਕਰਕੇ ਸੜਕ ਉੱਤੇ ਡਿੱਗ ਪਏ। ਇਸ ਨਾਲ ਉਨ੍ਹਾਂ ਦੇ ਸਿਰ ਵਿੱਚ ਗਹਿਰੀ ਸੱਟ ਲੱਗ ਗਈ ਅਤੇ ਉਹ ਅੱਜ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਚਲਾਣਾ ਕਰ ਗਏ। ਗੁਰਵਿੰਦਰ ਸਿੰਘ ਪੰਜਾਬ ਪੁਲੀਸ ਵਿੱਚ ਏਐੱਸਆਈ ਸਨ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਸਨ। ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿੱਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਅਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਨ। ਉਹ ਇਸ ਵੇਲੇ ਜਥੇਦਾਰ ਗੜਗੱਜ ਨਾਲ ਹੀ ਸੁਰੱਖਿਆ ਵਿਚ ਤਾਇਨਾਤ ਸਨ।

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਟਲੀ

ਸਕੱਤਰੇਤ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਪਰੇ ਇਸ ਹਾਦਸੇ ਦੇ ਕਾਰਨ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਦਾ ਅਗਲਾ ਸਮਾਂ ਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਕੱਤਰਤਾ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਸੀ ਤਲਬ

ਉਨ੍ਹਾਂ ਕਿਹਾ ਕਿ ਪਹਿਲੀ ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ। ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਜਾਣਕਾਰੀ ਭੇਜੀ ਜਾਵੇਗੀ।

ਜਥੇਦਾਰ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਦੌਰਾ ਵੀ ਮੁਲਤਵੀ

ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ ਅੱਜ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰਨਾਂ ਵੱਲੋਂ ਦੁੱਖ ਜ਼ਾਹਰ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਵਿੰਦਰ ਸਿੰਘ ਦੇ ਅਚਾਨਕ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Advertisement