ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਦਾਅਵਾ ਕੀਤਾ ਹੈ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵਿਦੇਸ਼ ਵਿਚ ਪੜ੍ਹ ਰਹੇ ਉਨ੍ਹਾਂ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੇ ਪੁਲੀਸ ਤੋਂ ਫੌਰੀ ਕਾਰਵਾਈ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਕਰਕੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣ ਰਿਹਾ ਹੈ।
ਰੰਧਾਵਾ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲਣ ਤੋਂ ਸਿਰਫ਼ ਇੱਕ ਘੰਟੇ ਬਾਅਦ ਹੀ ਉਸ ’ਤੇ ਗੋਲੀਬਾਰੀ ਕੀਤੀ ਗਈ ਅਤੇ ਗੈਂਗਸਟਰ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸੁਖਜਿੰਦਰ ਰੰਧਾਵਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਫਤਿਹਗੜ੍ਹ ਚੂੜੀਆਂ ਕਸਬੇ ਦੇ ਪਰਮਿੰਦਰ ਸਿੰਘ ਦੇ ਟਰਬਨ ਸੈਂਟਰ ’ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾਈਆਂ। ਇਹ ਘਟਨਾ ਵੀਰਵਾਰ ਸਵੇਰੇ 11 ਵਜੇ ਵਾਪਰੀ। ਉਕਤ ਘਟਨਾ ਤੋਂ ਇੱਕ ਘੰਟਾ ਪਹਿਲਾਂ ਤੱਕ ਰੰਧਾਵਾ ਦਾ ਪੁੱਤਰ ਉੱਥੇ ਮੌਜੂਦ ਸੀ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ।
ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਰੰਧਾਵਾ ਨੇ ਕਿਹਾ ਕਿ ਉਹ ਇਸ ਸਮੇਂ ਸੰਸਦ ਦੇ ਮੌਨਸੂਨ ਸੈਸ਼ਨ ਲਈ ਦਿੱਲੀ ਵਿੱਚ ਹਨ, ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਉਨ੍ਹਾਂ ਨੂੰ ਹਿਲਾ ਨਹੀਂ ਸਕਦੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਹੱਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਗਿਆ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਉਧਰ ਪੁਲੀਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਸਬੰਧ ਵਿਚ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।