ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਮਾਰਤਾਂ ਦੀ ਜਾਂਚ ਲਈ ਤਕਨੀਕੀ ਟੀਮਾਂ ਕਾਇਮ ਕਰਨ ਦਾ ਫ਼ੈਸਲਾ
ਅਜਨਾਲਾ ਹਲਕੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਝ ਸਥਾਨਾਂ ਤੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਉਨ੍ਹਾਂ ਪਿੰਡਾਂ ਵਿੱਚ ਘਰਾਂ ਅਤੇ ਸਰਕਾਰੀ ਇਮਾਰਤਾਂ ਦੇ ਢਾਂਚਿਆਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਜੋਖਮ ਦੀ ਪਹਿਚਾਣ ਕਰਕੇ ਉਨ੍ਹਾਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤੁਰੰਤ ਤਕਨੀਕੀ ਟੀਮਾਂ ਗਠਿਤ ਕਰਨ ਤਾਂ ਜੋ ਕਮਜੋਰ ਜਾਂ ਟੁੱਟੀਆਂ/ਨੁਕਸਾਨੀਆਂ ਇਮਾਰਤਾਂ ਦੀ ਪਛਾਣ ਹੋ ਸਕੇ ਅਤੇ ਇਨ੍ਹਾਂ ਦੇ ਕਾਰਨ ਕਿਸੇ ਵੀ ਮੰਦਭਾਗੀ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਜ਼ਿਲ੍ਹਾ ਮੈਜਿਸਟੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਰਵਾਈ ਪਹਿਲ ਦੇ ਅਧਾਰ ’ਤੇ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਇਸ ਦਫਤਰ ਨੂੰ ਸੌਂਪੀ ਜਾਵੇ।
ਸਾਹਨੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦੇ ਪੱਧਰ ਘਟਣ ਦੇ ਮੱਦੇਨਜ਼ਰ ਰਿਹਾਇਸ਼ੀ/ਸਰਕਾਰੀ, ਸਕੂਲਾਂ ਦੀਆਂ ਇਮਾਰਤਾਂ, ਸਰਕਾਰੀ ਹਸਪਤਾਲਾਂ ਦੀ ਸੁਰੱਖਿਆ ਅਤੇ ਢਾਂਚਗਤ ਸਥਿਰਤਾ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਮਾਰਤਾਂ ਨੂੰ ਜ਼ਿਆਦਾ ਨੁਕਸਾਨ ਪੁੱਜਾ ਅਤੇ ਜੋ ਮੁਰੰਮਤ ਹੋਣ ਵਾਲੀਆਂ ਹਨ ਤੇ ਤੁਰੰਤ ਕਰਵਾਈ ਅਮਲ ਲਿਆਂਦੀ ਜਾਵੇ।
ਦੱਸਣਯੋਗ ਹੈ ਕਿ ਅਜਨਾਲਾ ਵਿਧਾਨ ਸਭਾ ਹਲਕੇ ਦੇ 50 ਤੋਂ ਵੱਧ ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਹੈ। ਵੱਡੀ ਗਿਣਤੀ ਵਿੱਚ ਪਸ਼ੂਧਨ ਦਾ ਵੀ ਨੁਕਸਾਨ ਹੋਇਆ ਹੈ ਅਤੇ ਲੋਕ ਬੇਘਰ ਹੋ ਗਏ ਹਨ।