ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 19 ਜਨਵਰੀ
ਪਟਨਾ ਵਿੱਚ ਗੁਰੂ ਗੋਬਿੰਦ ਸਿੰਘ ਦੇ 354ਵੇਂ ਪ੍ਰਕਾਸ਼ ਦਿਹਾੜੇ ਸੰਬਧੀ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਇਸ ਵਿੱਚ ਸ਼ਿਰਕਤ ਕੀਤੀ।
ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ):ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ
ਸਜਾਇਆ ਗਿਆ। ਨਗਰ ਕੀਰਤਨ ਅਕਾਲ ਤਖ਼ਤ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਅਕਾਲ ਤਖ਼ਤ ’ਤੇ ਸੰਪੰਨ ਹੋਵੇਗਾ। ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਸਰੂਪ ਨੂੰ ਪਾਲਕੀ ਵਿਚ ਸੁਸ਼ੋਭਿਤ ਕੀਤਾ ਤੇ ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਸੰਗਤਾਂ ਵੱਲੋਂ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਈ ਥਾਈਂ ਲੰਗਰ ਵੀ ਲਾਏ ਗਏ। ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਵੀ ਅੱਜ ਸਵੇਰੇ ਨਗਰ ਕੀਰਤਨ ਕੀਤਾ ਗਿਆ।
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਲੌਕਿਕ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਇਹ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚ ਦੀ ਗੁਜ਼ਰਦਾ ਹੋਇਆ ਬਾਅਦ ਦੁਪਹਿਰ ਵਾਪਸ ਤਖ਼ਤ ਸਾਹਿਬ ਵਿਖੇ ਆ ਕੇ ਅਰਦਾਸ ਕਰਨ ਨਾਲ ਸਮਾਪਤ ਹੋਇਆ।
ਨਗਰ ਕੀਰਤਨ ਦੀ ਸ਼ੁਰੂਆਤ ਅੱਜ ਸਵੇਰੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ। ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਨੂੰ ਸਿਰਪਾਓ ਭੇਟ ਕੀਤੇ।