ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਅਕਤੂਬਰ
ਫੋਕਲੋਰ ਰੀਸਰਚ ਅਕਾਦਮੀ ਨੇ ਭਾਰਤ-ਪਾਕਿਸਤਾਨ ਵਿਚਾਲੇ ਅਟਾਰੀ-ਵਾਹਗਾ ਸਰਹੱਦ ਨੂੰ ਦੁਵੱਲੇ ਵਪਾਰ ਲਈ ਖੋਲ੍ਹਣ ਦੀ ਮੰਗ ਕੀਤੀ ਹੈ। ਅੱਜ ਇਥੇ ਵਿਰਸਾ ਵਿਹਾਰ ਵਿੱਚ ਅਕਾਦਮੀ ਦੇ ਮੀਤ ਪ੍ਰਧਾਨ ਦਿਲਬਾਗ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਪਾਸ ਕੀਤੇ ਇਕ ਮਤੇ ਵਿੱਚ ਕਿਹਾ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਰਹੱਦ ਦੇ ਦੋਵਾਂ ਪਾਸਿਆਂ ਤੋਂ ਵਪਾਰ ਬੰਦ ਹੈ, ਜਿਸ ਦਾ ਮਾੜਾ ਅਸਰ ਦੋਹਾਂ ਪਾਸਿਆਂ ਦੇ ਗਰੀਬ ਲੋਕਾਂ ’ਤੇ ਪੈ ਰਿਹਾ ਹੈ ਅਤੇ ਇਸੇ ਕਾਰਨ ਲਗਪਗ 2000 ਕੁਲੀ ਬੇਕਾਰ ਬੈਠੇ ਹਨ। ਟਰੱਕਾਂ ਵਾਲਿਆਂ ਨੂੰ ਟਰੱਕਾਂ ਦੀਆਂ ਕਿਸ਼ਤਾਂ ਦੇਣੀਆਂ ਮੁਸ਼ਕਲ ਹੋਈਆਂ ਹਨ, ਚਾਹ, ਢਾਬਿਆਂ, ਰੇਹੜੀਆਂ ਅਤੇ ਠੇਲ੍ਹਿਆਂ ਵਾਲਿਆਂ ਨੂੰ ਦੋ ਵਕਤ ਦੀ ਰੋਟੀ ਜਟਾਉਣੀ ਵੀ ਔਖੀ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕਰਤਾਰਪੁਰ ਵਾਲਾ ਲਾਂਘਾ ਜਲਦੀ ਖੋਲ੍ਹਿਆ ਜਾਵੇ ਤਾਂ ਕਿ ਦੋਵਾਂ ਪਾਸਿਆਂ ਦੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ, ਗਰੀਬ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਤੇ ਦੋਵਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਹੋ ਸਕਣ। ਇਕ ਹੋਰ ਮਤੇ ਵਿੱਚ ਕਿਹਾ ਗਿਆ ਕਿ ਅਕਾਦਮੀ ਕਿਸਾਨ ਸੰਘਰਸ਼ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕਰਦੀ ਹੈ ਤੇ ਅਕਾਦਮੀ ਦੇ ਮੈਂਬਰ ਕਿਸਾਨਾਂ ਦੇ ਧਰਨਿਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋ ਰਹੇ ਹਨ।