ਪੱਤਰ ਪ੍ਰੇਰਕ
ਅੰਮ੍ਰਿਤਸਰ, 28 ਜੂਨ
ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਦੀ ਵਿਧਾਇਕਾ ਜੀਵਨਜੋਤ ਕੌਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭੇਜੀ ਈ-ਮੇਲ ਰਾਹੀਂ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਹਰ ਸਾਲ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਲੋਕ ਵਿਦੇਸ਼ਾਂ ਤੋਂ ਆਉਂਦੇ-ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ। ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ-ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਦਿੱਲੀ ਵਾਂਗ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਯਾਤਰੂਆਂ ਨੂੰ ਨਿੱਜੀ ਗੱਡੀਆਂ ਦੀ ਖ਼ੱਜਲ-ਖ਼ੁਆਰੀ ਤੋਂ ਨਿਜਾਤ ਮਿਲ ਸਕੇ।