ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਦਸੰਬਰ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ ਕੀਤੀ ਹੈ। ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਸ ਸਾਲ 28 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਪਰ ਹੁਣ ਦਿਵਸ ਨੇੜੇ ਆਉਣ ਕਾਰਨ ਮੁੜ ਕੇਂਦਰ ਸਰਕਾਰ ਨੂੰ ਇਸ ਦਿਵਸ ਦਾ ਨਾਂ ਬਦਲਣ ਲਈ ਯਾਦ ਕਰਵਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਾਮ ਸਿੱਖ ਇਤਿਹਾਸ ਅਤੇ ਸਿੱਖ ਸਿਧਾਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨਾਮ ਸੁਝਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਤਾ ਵੀ ਪਾਸ ਕੀਤਾ ਹੈ, ਜਿਸ ਤਹਿਤ ਪਹਿਲਾਂ ਵੀ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਸ ਸਬੰਧੀ ਭਾਰਤ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਸੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਫਾਰਮ ਭਰਿਆ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਅੱਜ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤਕ ਇੱਕ ਲੱਖ ਤੋਂ ਵੱਧ ਫਾਰਮ ਭਰਵਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਵਿੱਚ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਬਾਪੂ ਸੂਰਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਸਬੰਧੀ ਫਾਰਮ ਭਰਿਆ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਪ੍ਰਫੌਰਮੇ ਭਰਵਾ ਕੇ ਸ਼੍ਰੋਮਣੀ ਕਮੇਟੀ ਕੋਲ ਪਹੁੰਚਾਉਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਅਤੇ ਇਸ ਸਬੰਧ ਵਿੱਚ ਸੰਘਰਸ਼ ਕਰਨ ਵਾਲੇ ਹਰ ਇਨਸਾਨ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।
ਇਕਬਾਲ ਲਾਲਪੁਰਾ ‘ਤੇ ਗ਼ਲਤ ਪ੍ਰਚਾਰ ਕਰਨ ਦਾ ਦੋਸ਼
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਇਸ ਸੰਜੀਦਾ ਮਾਮਲੇ ‘ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਆਖਿਆ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਲਾਲਪੁਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਾਹਿਬਜ਼ਾਦਿਆਂ ਦੀ ਯਾਦ ‘ਚ ਪਿਛਲੇ ਸਾਲਾਂ ਅੰਦਰ ਕੋਈ ਵੀ ਵਿਦਿਅਕ ਅਦਾਰਾ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਤੱਥ ਰਹਿਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਸਿੱਖ ਇਤਿਹਾਸ ਦੇ ਨਾਇਕ ਹਨ, ਜਿਨ੍ਹਾਂ ਨੇ ਮਾਨਵਤਾ ਵਿਰੁੱਧ ਜ਼ੁਲਮ ਨੂੰ ਠੱਲ੍ਹਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਸਤਿਕਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ।