ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਅਕਤੂਬਰ
ਇਥੇ ਕਲੋਨੀ ਹੋਲੀ ਸਿਟੀ ਵਿਚ ਦੋ ਮਹੀਨੇ ਪਹਿਲਾਂ ਪੈਟਰੋਲ ਪੰਪ ਮਾਲਕ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਹੁਣ ਤੱਕ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਪੀੜਤ ਪਰਿਵਾਰ ਅਤੇ ਪੈਟਰੋਲ ਪੰਪ ਐਸੋਸੀਏਸ਼ਨ ਨੇ ਪੁਲੀਸ ਨੂੰ ਪੰਦਰਾਂ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਜੇਕਰ ਪੁਲੀਸ ਵੱਲੋਂ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਬੰਦ ਕਰਕੇ ਪੁਲੀਸ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।
ਮੀਡੀਆ ਨਾਲ ਗੱਲ ਕਰਦਿਆਂ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਮੋਹਨ ਸਿੰਘ ਨੂੰ 10 ਅਗਸਤ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਹੋਲੀ ਸਿਟੀ ਵਿੱਚ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਹ ਕਈ ਵਾਰ ਉੱਚ ਪੁਲੀਸ ਅਧਿਕਾਰੀਆਂ ਨੂੰ ਮਿਲੇ ਹਨ ਪਰ ਉਹ ਕਹਿੰਦੇ ਹਨ ਕਿ ਕੇਸ ਦੀ ਜਾਂਚ ਚੱਲ ਰਹੀ ਹੈ। ਪਰਿਵਾਰ ਨੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।
ਇਸ ਦੌਰਾਨ ਹਾਜ਼ਰ ਪੈਟਰੋਲ ਪੰਪ ਮਾਲਕਾਂ ਨੇ ਆਖਿਆ ਕਿ ਜੇਕਰ ਪੁਲੀਸ ਨੇ ਕਾਤਲਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਬੰਦ ਕਰ ਕੇ ਪਰਿਵਾਰ ਸਮੇਤ ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
ਕੇਸ ਦੀ ਜਾਂਚ ਜਾਰੀ: ਪੁਲੀਸ
ਕੇਸ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀਆ ਨੇ ਕਿਹਾ ਕਿ ਮਾਮਲੇ ਦੀ ਜਾਂਚ ਚਲ ਰਹੀ ਹੈ ਅਤੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ।