ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਕਤੂਬਰ
ਹਾਥਰਸ ਕਾਂਡ ਦੇ ਪੀੜਤਾਂ ਨੂੰ ਨਿਆਂ ਦੇਣ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਅਤੇ ਵਜ਼ੀਫਾ ਘੁਟਾਲੇ ਖਿਲਾਫ ਵਾਲਮੀਕ ਸੰਤ ਸਮਾਜ ਅਤੇ ਵਾਲਮੀਕ ਭਾਈਚਾਰੇ ਦੀਆਂ ਹੋਰਨਾਂ ਜਥੇਬੰਦੀਆਂ ਨੇ ਇਥੇ ਭੰਡਾਰੀ ਪੁਲ ’ਤੇ ਉਤਰ ਪ੍ਰਦੇਸ਼ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਜਾਮ ਲਾਇਆ।
ਮੁਜ਼ਾਹਰਾਕਾਰੀਆਂ ਵਿੱਚ ਵਾਲਮੀਕ ਆਸ਼ਰਮ, ਸ੍ਰੀ ਧੂਣਾ ਸਾਹਿਬ ਟਰਸਟ, ਸਫਾਈ ਮਜ਼ਦੂਰ ਯੂਨੀਅਨ ਤੇ ਹੋਰ ਜਥੇਬੰਦੀਆਂ ਦੇ ਕਾਰਕੁੰਨ ਸ਼ਾਮਲ ਸਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਮਾਸੂਮ ਕੁੜੀ ਨਾਲ ਜਬਰ ਜਨਾਹ ਦੀ ਘਟਨਾ ਅਤੇ ਇਸ ਤੋਂ ਬਾਅਦ ਉਸ ’ਤੇ ਕੀਤੇ ਤਸ਼ਦਦ ਦਾ ਮਾਮਲਾ ਉਭਾਰਿਆ। ਉਨ੍ਹਾਂ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਊਨ੍ਹਾਂ ਵਜ਼ੀਫ਼ਾ ਘੁਟਾਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵੀ ਸ਼ਖਤ ਕਾਰਵਾਈ ਮੰਗੀ। ਪ੍ਰਦਰਸ਼ਨਕਾਰੀਆਂ ਨੇ ਹਥਾਂ ਵਿਚ ਤਖਤੀਆਂ ਤੇ ਬੈਨਰ ਚੁੱਕੇ ਹੋਏ ਸਨ, ਜਿਨ੍ਹਾਂ ਉਪਰ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਮੁਰਦਾਬਾਦ, ਮਨੀਸ਼ਾ ਦੇ ਕਾਤਲਾਂ ਨੂੰ ਫਾਂਸੀ ਦਿਓ, ਸੰਤ ਸਮਾਜ ’ਤੇ ਦਰਜ ਪਰਚੇ ਰੱਦ ਕਰੋ, ਵਜੀਫਾ ਘਪਲੇ ਵਿਚ ਸਾਧੂ ਸਿੰਘ ਧਰਮਸੋਤ ਨੂੰ ਸਜ਼ਾ ਦਿਓ ਆਦਿ ਨਾਅਰੇ ਲਿਖੇ ਹੋਏ ਸਨ।
ਏਬੀਵੀਬੀ ਨੇ ਧਰਮਸੋਤ ਦਾ ਪੁਤਲਾ ਫੂਕਿਆ
ਪਠਾਨਕੋਟ(ਪੱਤਰ ਪ੍ਰੇਰਕ): ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਘੁਟਾਲੇ ਨਾਲ ਸਬੰਧਿਤ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਨੇ ਅੱਜ ਸਥਾਨਕ ਸਿੰਬਲ ਚੌਂਕ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਇਸ ਮੌਕੇ ਅੰਸ਼ੁਲ ਸ਼ਰਮਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਦੀ ਰਿਪੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮਿਲੀਭੁਗਤ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤਕ ਸਰਕਾਰ ਮੰਤਰੀ ਨੂੰ ਨਹੀਂ ਹਟਾਊਂਦੀ ਊਦੋਂ ਤਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।