ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 24 ਦਸੰਬਰ
ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਵੱਖ-ਵੱਖ ਕੈਟਾਗਿਰੀਆਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਹੰਗਾਮੀ ਮੀਟਿੰਗ ਹੋਈ। ਇਸ ਵਿੱਚ ਸ਼ਾਮਲ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ, ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦਾ ਸਥਾਨਕ ਦਫਤਰ ਪੁੱਡਾ ਮਹਿਕਮੇ ਨੂੰ ਵੇਚੇ ਜਾਣ ਉਪਰੰਤ ਹੁਣ ਨਹਿਰੀ ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਬਿਨਾਂ ਕੋਈ ਪ੍ਰਬੰਧ ਕੀਤੇ ਇਸ ਦਫਤਰ ਨੂੰ ਖਾਲੀ ਕਰਨ ਦਾ ਮੁਲਾਜ਼ਮਾਂ ’ਤੇ ਸਖਤੀ ਨਾਲ ਜ਼ੋਰ ਪਾਇਆ ਜਾ ਰਿਹਾ ਹੈ, ਜਦਕਿ 70 ਫ਼ੀਸਦ ਦਫਤਰ ਪਹਿਲਾਂ ਹੀ ਰਿਹਾਇਸ਼ੀ ਕੁਆਰਟਰਾਂ ਵਿੱਚ ਸ਼ਿਫਟ ਕੀਤਾ ਜਾ ਚੁੱਕਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਹੋਰ ਅਣਗੌਲਿਆ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਆਗੂ ਸਮੂਹ ਮੁਲਾਜ਼ਮਾਂ ਨੂੰ ਨਾਲ ਲੈ ਕੇ ਸਬੰਧਤ ਨਿਗਰਾਨ ਇੰਜਨੀਅਰਾਂ ਦੇ ਦਫਤਰਾਂ ਸਾਹਮਣੇ ਅਣਮਿਥੇ ਸਮੇਂ ਲਈ ਧਰਨਾ ਲਾਉਣ ਲਈ ਮਜਬੂਰ ਹੋਣਗੇ।