ਮਨਮੋਹਣ ਸਿੰਘ ਢਿੱਲੋਂ
ਅੰਮ੍ਰਿਤਸਰ, 17 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮਨਿਸਟੀਰੀਅਲ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਠਾਕੁਰ ਤੇ ਹੋਰਾਂ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਨੁਮਾਇੰਦਿਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਂਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿਚ ਸੋਧ ਕਰਦੇ ਹੋਏ 31 ਦਸੰਬਰ 2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਫੀਸਦ ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20 ਫੀਸਦ ਲਾਭ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ 1 ਜੁਲਾਈ 2021 ਤੋਂ ਸੈਂਟਰ ਦੀ ਤਰਜ਼ ’ਤੇ 28 ਫੀਸਦ ਤੋਂ 31 ਫੀਸਦ ਤਕ 3 ਫੀਸਦ ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਿਲੀਜ਼ ਕੀਤੀ ਜਾਵੇ।1 ਅਪਰੈਲ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ’ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ
ਸਾਂਝਾ ਅਧਿਆਪਕ ਮੋਰਚਾ ਵੱਲੋਂ ਪ੍ਰਦਰਸ਼ਨ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਜਲੰਧਰ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸਥਾਨਕ ਐੱਚਐੱਮਵੀ ਕਾਲਜ ਚੌਂਕ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਮੁਲਾਜ਼ਮਾਂ ਦੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ ਕਈ ਪ੍ਰਕਾਰ ਦੇ ਹੋਰ ਭੱਤੇ ਬੰਦ ਕਰਨ ਦੇ ਵਿਰੋਧ ਵਿੱਚ ਇਨ੍ਹਾਂ ਪੱਤਰਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਗਣੇਸ਼ ਭਗਤ ਅਤੇ ਪ੍ਰੈਸ ਸਕੱਤਰ ਰਗਜੀਤ ਸਿੰਘ ਨੇ ਸੰਬੋੋਧਨ ਕੀਤਾ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਮੁਲਾਜ਼ਮਾਂ ਦੇ ਬਣਦੇ ਹੱਕੀ ਭੱਤੇ ਬਹਾਲ ਨਾ ਕੀਤੇ ਤਾਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਉਹ ਸਰਕਾਰ ਦਾ ਵਿਰੋਧ ਕਰਨਗੇ। ਇਸ ਮੌਕੇ ਰਾਜੀਵ ਭਗਤ, ਅਵਿਨਾਸ਼ ਭਗਤ, ਅਸ਼ਵਨੀ ਕੁਮਾਰ, ਬਲਵੀਰ ਭਗਤ, ਹੇਮ ਰਾਜ, ਗੁਰਦਿਆਲ ਸਿੰਘ, ਅਮਿਤ ਚੋਪੜਾ, ਰਾਕੇਸ਼ ਕੁਮਾਰ, ਅਰੁਣ ਦੇਵ ਹਾਜ਼ਰ ਸਨ।
ਪਾਵਰਕੌਮ ਮੁਲਾਜ਼ਮਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਕਾਹਨੂੰਵਾਨ (ਪੱਤਰ ਪ੍ਰੇਰਕ): ਸਬ ਡਵੀਜ਼ਨ ਤਿੱਬੜ ਵਿੱਚ ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਬਿਜਲੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਕਾਰਪੋਰੇਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪ੍ਰੋਬੇਸ਼ਨ ਦੌਰਾਨ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਅਤੇ ਪ੍ਰੋਬੇਸ਼ਨ ਕਰਮਚਾਰੀਆਂ ਦੀ ਤਨਖ਼ਾਹ ਨਾ ਵਧਾਉਣ ਅਤੇ ਏਰੀਅਰ ਤੋਂ ਮੁੱਕਰਨ ਦੇ ਰੋਸ ਵਜੋਂ ਮੀਟਿੰਗ ਉਪਰੰਤ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਿਹਤ ਵਿਭਾਗ ਦੇ ਕਾਮਿਆਂ ਵੱਲੋਂ ਰੋਸ ਜ਼ਾਹਰ
ਅੰਮ੍ਰਿਤਸਰ (ਪੱਤਰ ਪ੍ਰੇਰਕ): ਹੈਲਥ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਿਲਣ ਵਾਲੇ ਭੱਤਿਆਂ ਐਡੀਸ਼ਨਲ ਹਾਊਸ ਰੈਂਟ, ਵਰਦੀ ਭੱਤਾ, ਪੇਂਡੂ ਭੱਤਾ, ਡਾਈਟ ਅਲਾਊਂਸ ਅਤੇ ਏਸੀਪੀ ਨੂੰ ਬੰਦ ਕਰਨ ਦੇ ਫੈਸਲੇ ਖਿਲਾਫ ਅਰਥੀ ਫੂਕ ਮੁਜ਼ਾਹਰਾ ਕਰਕੇ ਰੋਸ ਪ੍ਰਗਟਾਇਆ। ਰੋਸ ਮਾਰਚ ਵਿਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਉਨ੍ਹਾਂ ਸਿਵਲ ਸਰਜਨ ਦਫਤਰ ਤੋਂ ਰੈਲੀ ਸ਼ੁਰੂ ਕਰਕੇ ਭੰਡਾਰੀ ਪੁਲ ’ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ।