ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੁਜ਼ਾਹਰੇ ਕੀਤੇ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਤੇ ਸੂਬੇ ਦੇ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਦਿਖਾਵੇ ਤੇ ਘਿਰਾਓ ਦੀ ਚਿਤਾਵਨੀ ਦਿੱਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਕੋਲੋਂ ਮੰਗ ਪੱਤਰ ਪ੍ਰਾਪਤ ਕੀਤਾ।
ਪਠਾਨਕੋਟ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਹੜ੍ਹਾਂ ਦੇ ਮੁਆਵਜ਼ੇ ਲਈ ਧਰਨਾ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਹੜ੍ਹਾਂ ਦੀ ਇਸ ਮਾਰ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਕਈ ਸਾਲ ਤਕ ਕਿਸਾਨ ਇਸ ਦਾ ਖ਼ਮਿਆਜ਼ਾ ਭੁਗਤਣਗੇ ਪਰ ਸਰਕਾਰ ਔਖੇ ਵੇਲੇ ਮੁਆਵਜ਼ੇ ਦੇਣ ਤੋਂ ਭੱਜ ਰਹੀ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ। ਕਿਸਾਨ ਆਗੂਆਂ ਹਰਬੰਸ ਸਿੰਘ ਸੰਘਾ, ਜਗਤਾਰ ਸਿੰਘ ਭਿੰਡਰ, ਦਰਸ਼ਨ ਸਿੰਘ ਮੱਟੂ, ਦਵਿੰਦਰ ਸਿੰਘ ਕੱਕੋਂ ਅਤੇ ਸ਼ਿੰਗਾਰਾ ਸਿੰਘ ਨੇ ਸੰਘਰਸ਼ ਦੀ ਚਿਤਾਵਨੀ ਮਗਰੋਂ ਡੀਸੀ ਨੂੰ ਮੰਗ ਪੱਤਰ ਦਿੱਤਾ।
ਤਰਨ ਤਾਰਨ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨੇ ਦੇ ਕੇ ਹੜ੍ਹ ਦੇ ਨੁਕਸਾਨ ਸਣੇ ਹੋਰ ਮੰਗਾਂ ਵੀ ਉਭਾਰੀਆਂ| ਇੱਥੇ ਹੀ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅਲੱਗ ਧਰਨਾ ਦਿੱਤਾ ਗਿਆ। ਤਰਨ ਤਾਰਨ ਦੇ ਐਸਡੀਐਮ ਰਜਨੀਸ਼ ਅਰੋੜਾ ਨੇ ਮੰਗ ਪੱਤਰ ਲਿਆ| ਗੁਰਬਾਜ ਸਿੰਘ ਸਿਧਵਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।
ਸ਼ਾਹਕੋਟ (ਪੱਤਰ ਪ੍ਰੇਰਕ): ਸਥਾਨਕ ਤਹਿਸੀਲ ਕੰਪਲੈਕਸ ਵਿਚ ਬੀਕੇਯੂ ਏਕਤਾ (ਉਗਰਾਹਾਂ) ਨੇ ਧਰਨਾ ਲਗਾਇਆ। ਧਰਨੇ ਦੌਰਾਨ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਤਹਿਸੀਲਦਾਰ ਹਰਮਿੰਦਰ ਸਿੰਘ ਨੂੰ ਮੰਗ ਪੱਤਰ ਦੇ ਕੇ ਹੜ੍ਹ ਪੀੜਤਾਂ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਏ ਵਿਅਕਤੀਆਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਧਰਨੇ ਨੂੰ ਯੂਨੀਅਨ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਸਣੇ ਹੋਰ ਸਾਥੀਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਵਿਧਾਇਕ ਇੰਦਰਜੀਤ ਕੌਰ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ।