ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 5 ਅਗਸਤ
ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਕਰੋੜਾਂ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਵਿਚਾਰ ਹਿੱਤ ਪੇਸ਼ ਕੀਤੇ ਗਏ, ਜਿਨ੍ਹਾਂ ਵਿਚੋਂ ਕੱਝ ਮਤਿਆਂ ਨੂੰ ਛੱਡ ਕੇ ਬਾਕੀ ਸਾਰੇ ਮਤੇ ਸਰਵਸੰਮਤੀ ਨਾਲ ਪ੍ਰਵਾਨ ਕੀਤੇ ਗਏ। ਮੀਟਿੰਗ ਦੌਰਾਨ ਪ੍ਰਮੁੱਖ ਤੌਰ ’ਤੇ ਸਿਵਲ ਅਤੇ ਓ ਐਂਡ ਐੱਮ ਵਿਭਾਗ ਆਦਿ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿਚ ਸੀਵਰੇਜ ਦੀ ਸਫ਼ਾਈ, ਲੁੱਕ-ਬੱਜਰੀ ਦੀਆਂ ਸੜਕਾਂ ਦਾ ਨਿਰਮਾਣ, ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਵਿਛਾਉਣ, ਚੈਂਬਰ ਬਣਾਉਣ ਆਦਿ ਸ਼ਾਮਲ ਹਨ।
ਮੀਟਿੰਗ ਵਿਚ ਨਿਗਰਾਨ ਇੰਜੀ. ਅਨੁਰਾਗ ਮਹਾਜਨ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾਰਜ਼ਕਾਰੀ ਇੰਜੀ. ਭਲਿੰਦਰ ਸਿੰਘ, ਰਜਿੰਦਰ ਸਿੰਘ ਮਰੜੀ, ਐਸ.ਐਸ ਮੱਲ੍ਹੀ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਕਈ ਹੋਰ ਅਧਿਕਾਰੀ ਹਾਜ਼ਰ ਸਨ।