ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 16 ਅਪਰੈਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਨੇ ਅੱਜ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਐੱਸ.ਐੱਸ.ਪੀ. (ਦਿਹਾਤੀ) ਦੇ ਦਫਤਰ ਬਾਹਰ ਧਰਨਾ ਦਿੱਤਾ। ਇਸ ਵਿੱਚ ਕਿਸਾਨ, ਮਜ਼ਦੂਰ ਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਖਿਲਾਫ਼ ਅੱਜ ਦੇ ਧਰਨੇ ਵਿੱਚ ਕਿਸਾਨ ਮਜ਼ਦੂਰ ਲੰਗਰ ਪਾਣੀ ਦਾ ਪੁਖਤਾ ਪ੍ਰਬੰਧ ਕਰਕੇ ਪਹੁੰਚੇ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ,‘ ਇੱਕ ਮਹੀਨਾ ਦੇ ਦਿਓ, ਸਾਰੇ ਮਸਲੇ ਹੱਲ ਹੋ ਜਾਣਗੇ ਪਰ ਮਹੀਨਾ ਬੀਤ ਜਾਣ ਦੇ ਬਾਵਜੂਦ ਅਜੇ ਤਕ ਨਸ਼ਾ ਬੰਦ ਨਹੀਂ ਹੋਇਆ। ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਕੋਈ ਐਕਸ਼ਨ ਨਹੀਂ ਲਿਆਤ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਵਾਅਦਾ ਸੀ ਕਿ ਨਸ਼ਾ ਬੰਦ ਕਰਾਂਗੇ ਅਤੇ ਰੁਜ਼ਗਾਰ ਵੀ ਦੇਵਾਂਗੇ ਪਰ ਅਜਿਹਾ ਕੁੱਝ ਨਹੀਂ ਹੋਇਆ। ਸੂਬਾ ਆਗੂ ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ, ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਸਰਕਾਰ ਤੁਰੰਤ ਨਸ਼ਾ ਬੰਦ ਕਰਕੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਵੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਕਣਕ ਖਰੀਦ ਵਿੱਚ ਢਿੱਲ ਦੇ ਕੇ ਕਣਕ ਦੀ ਨਿਰਵਿਘਨ ਖਰੀਦ ਚਾਲੂ ਨਾ ਕੀਤੀ ਤਾਂ 25 ਅਪਰੈਲ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਜਥੇਬੰਦੀ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ।