ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਕਤੂਬਰ
ਭਾਜਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਭਾਜਪਾ ਦਫਤਰ ’ਚ ‘ਆਪ’ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਇਹ ਰੋਸ ਵਿਖਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਵੱਲੋਂ ਦਿੱਤੇ ਗਏ ਸੱਦੇ ਤਹਿਤ ਕੀਤਾ ਗਿਆ। ਭਾਜਪਾ ਨੇ ਦੋਸ਼ ਲਾਇਆ ਕਿ ਸੂਬੇ ਦੀ ਆਪ ਸਰਕਾਰ ਨੇ ਵਿਧਾਨ ਸਭਾ ਇਜਲਾਸ ਦੌਰਾਨ ਭਰੋਸੇ ਦਾ ਮਤਾ ਲਿਆ ਕੇ, ਰਾਜਪਾਲ ਨੂੰ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ ਤੇ ਸਦਨ ’ਚ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਵਿੱਚ ਭਾਜਪਾ ਕਾਰਕੂੰਨਾਂ ਨੇ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ’ਚ ਧਰਨਾ ਦਿੱਤਾ। ਇਹ ਰੋਸ ਵਿਖਾਵਾ ਭਾਜਪਾ ਦੇ ਮੀਤ ਪ੍ਰਧਾਨ ਮਾਨਵ ਤਨੇਜਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸ੍ਰੀ ਤਨੇਜਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਰਾਜਪਾਲ ਨਾਲ ਝੂਠ ਬੋਲਿਆ, ਸਗੋਂ ਉਹ ਆਪਣੇ ਫ਼ਰਜ਼ ਨਿਭਾਉਣ ’ਚ ਵੀ ਅਸਫ਼ਲ ਰਹੇ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ) ਭਾਜਪਾ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਲਿਆਉਣ ਦਾ ਤਿੱਖਾ ਵਿਰੋਧ ਕੀਤਾ। ਭਾਜਪਾ ਆਗੂਆਂ ਨੇ ਰੋਸ ਵੱਜੋਂ ਅੱਜ ਨਕੋਦਰ ਚੋਂਕ ਵਿੱਚ ਲੱਗੇ ਡਾ: ਅੰਬੇਦਕਰ ਦੇ ਬੁੱਤ ਅੱਗੇ ਬੈਠ ਕੇ ਪ੍ਰਦਰਸ਼ਨ ਕੀਤਾ। ਭਾਜਪਾ ਲੀਡਰਸ਼ਿਪ ਨੇ ਦੋਸ਼ ਲਾਇਆ ਕਿ ਆਪ ਦੀ ਸਰਕਾਰ ਨੇ ਪੰਜਾਬ ਦੇ ਰਾਜਪਾਲ ਨਾਲ ਧ੍ਰੋਹ ਕਮਾਇਆ ਹੈ। ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ `ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸੰਵਿਧਾਨ ਦੀ ਉਲੰਘਣਾ ਕਰਕੇ ਡਾ: ਭੀਮ ਰਾਓ ਦੇ ਵਿਚਾਰਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਆਪ ਨੇ ਸੰਵਿਧਾਨ ਦਾ ਅਪਮਾਨ ਕੀਤਾ ਹੈ।