ਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ 21 ਅਕਤੂਬਰ ਨੂੰ
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ ਅਤੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਰਸ਼ਨੀ ਦਿਓੜੀ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਵੀ ਜਾਰੀ ਕੀਤਾ ਜਾਵੇਗਾ। ਇਸ ਵਾਰ ਦੀਵਾਲੀ ਦੇ ਤਿਉਹਾਰ ਸਬੰਧੀ ਦੋ ਮਿਤੀਆਂ 20 ਅਤੇ 21 ਅਕਤੂਬਰ ਹੋਣ ਕਾਰਨ ਵੱਡੇ ਪੱਧਰ ਤੇ ਦੁਚਿੱਤੀ ਵਾਲੀ ਸਥਿਤੀ ਹੈ। ਕੁਝ ਧਿਰਾਂ ਵੱਲੋਂ ਦੀਵਾਲੀ 20 ਅਕਤੂਬਰ ਨੂੰ ਦੱਸੀ ਜਾ ਰਹੀ ਹੈ ਜਦੋਂ ਕਿ ਧਾਰਮਿਕ ਸੰਗਠਨਾਂ ਵੱਲੋਂ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।
ਇਸੇ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਏ ਜਾਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ ਜਿਸ ਤਹਿਤ 20, 21 ਅਤੇ 22 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਢਾਡੀ, ਕਵੀਸ਼ਰ ਜੱਥੇ ਤੇ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। 21 ਅਕਤੂਬਰ ਨੂੰ ਸ਼੍ਰੀ ਅਕਾਲ ਤਖਤ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ 5 ਵਜੇ ਦਰਸ਼ਨੀ ਦਿਓੜੀ ਤੋਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕਰਨਗੇ। ਇਸ ਦਿਨ ਵੱਡੇ ਪੱਧਰ ਤੇ ਨਿਹੰਗ ਸਿੰਘ ਜਥੇਬੰਦੀਆਂ ਵੀ ਸਮਾਗਮ ਵਿੱਚ ਸ਼ਾਮਿਲ ਹੁੰਦੀਆਂ ਹਨ, ਜੋ ਕਿ ਸਿੱਧੇ ਤੌਰ ’ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬਤੌਰ ਕਾਰਜਕਾਰੀ ਜਥੇਦਾਰ ਮਾਨਤਾ ਦੇਣ ਦਾ ਸੰਕੇਤ ਹੋਵੇਗਾ। ਜ਼ਿਕਰਯੋਗ ਹੈ ਕਿ ਕੁਝ ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਗੜਗੱਜ ਦੀ ਇਸ ਨਿਯੁਕਤੀ ’ਤੇ ਇਤਰਾਜ਼ ਕੀਤਾ ਗਿਆ ਸੀ।
ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਹਰਿਮੰਦਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 21 ਅਕਤੂਬਰ ਨੂੰ ਧਾਰਮਿਕ ਸਮਾਗਮ ਹੋਣਗੇ, ਸ਼ਾਮ ਨੂੰ ਦੀਪਮਾਲਾ ਹੋਵੇਗੀ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਮੌਕੇ ਸੰਗਤ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।