ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਮਾਰਚ
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨ ਸੰਘਰਸ਼ ਨਾਲ ਜੁੜੇ ਆਗੂਆਂ ਤੇ ਹੋਰਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਸੰਘਰਸ਼ ਦੌਰਾਨ ਪ੍ਰਧਾਨ ਮੰਤਰੀ ਸਮੇਤ ਹੋਰਨਾਂ ਆਗੂਆਂ ਖ਼ਿਲਾਫ਼ ਭੱਦੀ ਤੇ ਮਾੜੀ ਭਾਸ਼ਾ (ਗਾਲੀ-ਗਲੋਚ) ਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਕ ਵੀਡਿਓ ਸੁਨੇਹੇ ਰਾਹੀਂ ਉਨ੍ਹਾਂ ਅਜਿਹੀ ਅਸੱਭਿਅਕ ਭਾਸ਼ਾ ਵਰਤਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਤੇ ਹੋਰ ਨੁਮਾਇੰਦਿਆਂ ਖ਼ਿਲਾਫ਼ ਅਸੱਭਿਅਕ ਭਾਸ਼ਾ ਵਰਤੀ ਜਾ ਰਹੀ ਹੈ, ਜਿਸ ਦੀ ਸਿੱਖ ਧਰਮ ਆਗਿਆ ਨਹੀਂ ਦਿੰਦਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਪ੍ਰਤੀ ਕਿਸਾਨਾਂ ਵਿੱਚ ਭਾਰੀ ਰੋਸ ਹੈ ਪਰ ਅਸੱਭਿਅਕ ਸ਼ਬਦਾਵਲੀ ਨਾਲ ਸੰਘਰਸ਼ ਕਮਜ਼ੋਰ ਹੋਵੇਗਾ।