ਅੰਮ੍ਰਿਤਸਰ ’ਚ ਨਸ਼ਾ ਤੇ ਗੈਰ-ਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਤਬਾਹ: 5 ਗ੍ਰਿਫ਼ਤਾਰ
13 ਪਿਸਤੌਲ, 3.267 ਕਿਲੋ ਹੈਰੋਇਨ ਤੇ ਕਾਰਤੂਸ ਬਰਾਮਦ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈੱਟਵਰਕ ਨੂੰ ਤਬਾਹ ਕੀਤਾ ਹੈ। ਇਸ ਸਬੰਧ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ। ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਇਸ ਦਾ ਖ਼ੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ।
ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਡੀ-ਡਿਵੀਜ਼ਨ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐੱਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਨ, ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਸਮੇਤ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਜਾਂਚ ਜਾਰੀ ਹੈ।

