ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਸਤੰਬਰ
ਉਤਰ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ, ਉਪ ਰਾਜਪਾਲ ਤੇ ਹੋਰ ਅਧਿਕਾਰੀਆਂ ਦੀ ਆਵਾਜਾਈ ਦੇ ਕਾਰਨ ਅੱਜ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਆਵਾਜਾਈ ਵਿੱਚ ਵਿਘਨ ਪਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਲ ਪੇਸ਼ ਆਈ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨ ਤੋਂ ਹੀ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀ ਅਤੇ ਅਧਿਕਾਰੀ ਪੁੱਜ ਰਹੇ ਸਨ। ਵੀਵੀਆਈਪੀ ਆਵਾਜਾਈ ਹੋਣ ਦੇ ਕਾਰਨ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਆਵਾਜਾਈ ਵਾਸਤੇ ਬਦਲਵੇ ਰੂਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੇ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਸਵੇਰ ਵੇਲੇ ਜਦੋਂ ਹਿਮਾਚਲ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਵਾਸਤੇ ਗਏ ਤਾਂ ਉਸ ਵੇਲੇ ਵੀ ਕੁਝ ਸਮੇਂ ਲਈ ਸ਼ਹਿਰ ਵਿੱਚਲੀ ਆਵਾਜਾਈ ਨੂੰ ਰੋਕਿਆ ਗਿਆ ਜਿਸ ਕਾਰਨ ਦੇਰ ਤੱਕ ਜਾਮ ਲੱਗਾ ਰਿਹਾ। ਵੀਆਈਪੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਸਟੇਸ਼ਨ ਦੇ ਨੇੜੇ ਕਈ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ। ਸੜਕਾਂ ਦੇ ਕੰਡੇ ਤੇ ਲੱਗੇ ਵਾਹਨ ਵੀ ਹਟਾ ਦਿੱਤੇ ਗਏ। ਜਿਸ ਨਾਲ ਲੋਕਾਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੋਏ ਹਨ। ਬੀਤੀ ਸ਼ਾਮ ਵੀ ਕਈ ਸੜਕਾਂ ’ਤੇ ਜਾਮ ਲੱਗਾ ਰਿਹਾ ਸੀ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਅੱਜ ਸਵੇਰੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਅਤੇ ਪੰਜਾਬ ਦੇ ਰਾਜਪਾਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਸ੍ਰੋਮਣੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।