ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 21 ਅਕਤੂਬਰ
ਕੇਂਦਰ ਦੀ ਤਰਜ਼ ’ਤੇ ਬੀਤੇ ਦਿਨੀਂ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਅਧਿਆਪਕਾਂ ਅਤੇ ਨਾਨ-ਟੀਚਿੰਗ ਅਸਾਮੀਆਂ ਦੇ ਸੋਧੇ ਸਕੇਲ ਸਬੰਧੀ ਜਾਰੀ ਨੋਟੀਫਿਕੇਸ਼ਨ ਦੀਆਂ ਅੱਜ ਕਾਪੀਆਂ ਸੜੀਆਂ ਤੇ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਕਿਹਾ ਕਿ ਸੂਬਾ ਸਕੱਤਰੇਤ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਅਧਿਆਪਕਾਂ ਅਤੇ ਨਾਨ ਟੀਚਿੰਗ ਮੁਲਾਜ਼ਮਾਂ ’ਤੇ ਲਾਗੂ ਹੋਣ ਵਾਲੇ ਪੇ-ਸਕੇਲਾਂ ਦਾ ਨੋਟੀਫਿਕੇਸ਼ਨ ਰੱਦ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਇਸ ਵਿੱਚ ਨਵੀਆਂ ਭਰਤੀਆਂ ਅਤੇ ਪੁਰਾਣੀਆਂ ਭਰਤੀਆਂ ਵਿੱਚ ਤਨਖਾਹ ਸਕੇਲਾਂ ਸਬੰਧੀ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਡੀ.ਟੀ.ਐਫ. ਨੇ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧੇ ਪੇ-ਸਕੇਲਾਂ ਨੂੰ ਆਧਾਰ ਮੰਨ ਕੇ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਤਨਖਾਹ ਸਕੇਲ 1 ਜਨਵਰੀ 2006 ਤੋਂ ਲਾਗੂ ਹੋਣੇ ਸੀ ਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਦੀ ਬਦਨੀਤੀ ਕਾਰਨ ਇਸ ਵਿੱਚ ਦੇਰੀ ਹੋਈ ਹੈ।
ਰਈਆ (ਦਵਿੰਦਰ ਭੰਗੂ): ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ 20 ਅਕਤੂਬਰ ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਅਧਿਆਪਕਾਂ ਨੇ ਅੱਜ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਡੀ.ਟੀ.ਐਫ. ਵੱਲੋਂ 21 ਅਕਤੂਬਰ ਤੋਂ 25 ਅਕਤੂਬਰ ਤਕ ਦਾ ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਇਸ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਅੱਜ ਬਲਾਕ ਰਈਆ ਦੇ ਵੱਖ ਵੱਖ ਕਲੱਸਟਰਾਂ ਖਿਲਚੀਆਂ, ਜੱਬੋਵਾਲ, ਮਹਿਤਾ ਨੰਗਲ, ਕੋਟ ਮਹਿਤਾਬ ਸਮੇਤ ਕਈ ਹੋਰ ਥਾਵਾਂ ‘ਤੇ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਚਰਨਜੀਤ ਸਿੰਘ ਅਤੇ ਵਿਪਨ ਰਿਖੀ ਦੀ ਅਗਵਾਈ ਹੇਠ ਸੈਂਕੜੇ ਅਧਿਆਪਕਾਂ ਨੇ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ।
ਧਾਰੀਵਾਲ (ਸੁੱਚਾ ਸਿੰਘ): ਸਿੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦਾ ਪੇਅ ਕਮਿਸ਼ਨ ਲਾਗੂ ਕਰਨ ਦੀ ਬਜਾਏ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਫੈਸਲੇ ਨਾਲ ਪੰਜਾਬ ਦੇ ਅਧਿਆਪਕਾਂ ਵਿੱਚ ਰੋਸ ਹੈ। ਇਸ ਪੱਤਰ ਦੇ ਲਾਗੂ ਹੋਣ ਨਾਲ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ ਦੀਆਂ ਤਨਖ਼ਾਹਾਂ ਘੱਟ ਜਾਣਗੀਆਂ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਕੁਲਦੀਪ ਦੌੜਕਾ ਅਤੇ ਕੁਲਦੀਪ ਸਿੰਘ ਪੂਰੋਵਾਲ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਜਥੇਬੰਦੀ ਵਲੋਂ ਅੱਜ ਇਸ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ ਗਿਆ।