Barnala ਅਤੇ Amritsar ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ; ਤੁਰੰਤ ਅਸਤੀਫ਼ੇ ਦੀ ਮੰਗ
‘ਵੀਡੀਓ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਮੁੱਖ ਮੰਤਰੀ ਆਪਣੇ ਬਿਆਨਾਂ ਤੋਂ ਮੁੱਕਰੇ, ਦਰਜ ਹੋਵੇ ਬੇਅਦਬੀ ਦਾ ਮੁਕੱਦਮਾ’: ਪ੍ਰਦਰਸ਼ਨਕਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਕਥਿਤ ਵੀਡੀਓ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ ਗਰਮਾਉਂਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਬਰਨਾਲਾ ਦੇ ਕਚਹਿਰੀ ਚੌਕ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਪ੍ਰਦਰਸ਼ਨਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇੱਕ ਮੰਗ-ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਨੇ ਦੱਸਿਆ ਕਿ ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਮੁੱਖ ਮੰਤਰੀ ਦੀ ਇੱਕ ਵੀਡੀਓ ਜਨਤਕ ਹੋਈ ਸੀ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੀਪੁਰ ਦੀ ਮਾਨਤਾ ਪ੍ਰਾਪਤ ਫੋਰੈਂਸਿਕ ਲੈਬ ਤੋਂ ਇਸ ਦੀ ਜਾਂਚ ਕਰਵਾਈ ਗਈ ਹੈ। ਲੈਬ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਇਸ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਏ.ਆਈ. (AI) ਰਾਹੀਂ ਬਣਾਈ ਗਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਰਿਪੋਰਟ ਆਉਣ ਤੋਂ ਬਾਅਦ ਮੁੱਖ ਮੰਤਰੀ ਆਪਣੇ ਬਿਆਨਾਂ ਤੋਂ ਮੁੱਕਰ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਬੇਅਦਬੀ ਦੇ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।ਇਸ ਮੌਕੇ ਜਥੇਬੰਦੀ ਦੇ ਆਗੂ ਗੁਰਮੀਤ ਸਿੰਘ ਨੇ ਦੋਸ਼ ਲਾਇਆ ਕਿ ਵੀਡੀਓ ਵਿੱਚ ਮੁੱਖ ਮੰਤਰੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਅਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰਾਂ ਦੀ ਘੋਰ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਅੰਮ੍ਰਿਤਸਰ ਵਿੱਚ ਵੀ ਵਿਰੋਧ ਪ੍ਰਦਰਸ਼ਨ
ਅੰਮ੍ਰਿਤਸਰ ਵਿੱਚ ਵੀ ‘ਅਕਾਲੀ ਦਲ ਵਾਰਿਸ ਪੰਜਾਬ’ ਵੱਲੋਂ ਵਿਵਾਦਤ ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਤਲਾ ਸਾੜਿਆ ਗਿਆ। ਇਸ ਸਬੰਧ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਸੌਂਪ ਕੇ, ਮੁੱਖ ਮੰਤਰੀ ਨਾਲ ਸਬੰਧਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ, ਸੁਤੰਤਰ ਨਿਆਂਇਕ ਜਾਂਚ ਅਤੇ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਗਈ।
ਪਾਰਟੀ ਆਗੂਆਂ ਨੇ ਕਿਹਾ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਨੂੰ ਝੂਠਾ, ਐਡਿਟ ਕੀਤਾ ਹੋਇਆ ਅਤੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਦੱਸਿਆ ਜਾਂਦਾ ਰਿਹਾ, ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਨਾਲ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਂਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ ਹਨ। ਅਜਿਹੀ ਸਥਿਤੀ ਵਿੱਚ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨਾ ਲਾਜ਼ਮੀ ਬਣ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦਾ ਸਤਿਕਾਰ ਸਰਵਉੱਚ ਸਥਾਨ ਰੱਖਦਾ ਹੈ। ਇਸ ਲਈ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨੇ ਵੀ ਉੱਚੇ ਅਹੁਦੇ ’ਤੇ ਕਿਉਂ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ। ਅਕਾਲੀ ਦਲ ਵਾਰਿਸ ਪੰਜਾਬ ਨੇ ਮੰਗ ਕੀਤੀ ਕਿ ਫੋਰੈਂਸਿਕ ਰਿਪੋਰਟਾਂ ਅਤੇ ਉਪਲਬਧ ਤੱਥਾਂ ਦੇ ਆਧਾਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਕਰਵਾਈ ਜਾਵੇ। ਜਾਂਚ ਦੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
