ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 14 ਸਤੰਬਰ
ਟਰੈਫਿਕ ਪੁਲੀਸ ਜ਼ੋਨ-2 ਅੰਮ੍ਰਿਤਸਰ ਸ਼ਹਿਰ ਅਤੇ ਨਗਰ ਨਿਗਮ ਨੇ ਮਿਲ ਕੇ ਸਾਂਝਾ ਆਪਰੇਸ਼ਨ ਚਲਾ ਕੇ ਨਾਜਾਇਜ਼ ਕਬਜ਼ੇ ਹਟਵਾਏ ਹਨ। ਟਰੈਫਿਕ ਪੁਲੀਸ ਜ਼ੋਨ-2 ਇੰਚਾਰਜ ਨੇ ਦੱਸਿਆ ਕਿ ਅੱਜ ਹੈਰੀਟੇਜ਼ ਵਾਕ ਵਿਖੇ ਭਰਾਵਾਂ ਦੇ ਢਾਬੇ ਤੋਂ ਸਿਕੰਦਰੀ ਗੇਟ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਲੋਂ ਸੜਕਾਂ ਅਤੇ ਫੁੱਟਪਾਥਾਂ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਲੋਂ ਨਾਜਾਇਜ਼ ਕਬਜ਼ੇ ਹਟਵਾ ਕੇ ਅਪੀਲ ਕੀਤੀ ਗਈ ਕਿ ਦੁਕਾਨਦਾਰ ਅੱਗੇ ਤੋਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ ਤੇ ਫੁੱਟਪਾਥਾਂ ਉਪਰ ਨਾ ਰੱਖਣ ਅਤੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਕਿਉਂਕਿ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾਂ ਦੇਸ਼ ਵਿਦੇਸ਼ ਤੋਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਅਤੇ ਸ਼ਹਿਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਨਿਜ਼ਾਤ ਦਿਵਾਉਣ ਲਈ ਟਰੈਫਿਕ ਪੁਲਿਸ ਸਟਾਫ ਵੱਲੋਂ ਇਹ ਮੁਹਿੰਮ ਅੱਗੇ ਵੀ ਜਾਰੀ ਰੱਖੀ ਜਾਵੇਗੀ ਅਤੇ ਕਿਸੇ ਨੂੰੂ ਨਾਜਾਇਜ਼ ਕਬਜ਼ੇ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।