ਸਾਲ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਨੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿੱਚ ਲੈਣ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜਤਾ ਅਤੇ ਦਲੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿੱਚ ਮੀਲ-ਪੱਥਰ ਸਾਬਤ ਹੋਇਆ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਆਪਣੀਆਂ ਕੌਮੀ ਸੰਸਥਾਵਾਂ ਦੀ ਮਜ਼ਬੂਤੀ ਲਈ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਦੀ ਪਹਿਰੇਦਾਰੀ ਕਰਨਾ ਸਾਡਾ ਫਰਜ਼ ਹੈ। ਇਸੇ ਦੌਰਾਨ ਢਾਡੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਗੁਰਤਿੰਦਪਾਲ ਸਿੰਘ ਕਾਦੀਆਂ ਅਤੇ ਮੀਤ ਮੈਨੇਜਰ ਦਿਲਬਾਗ ਸਿੰਘ ਮੌਜੂਦ ਸਨ।

