ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਗਸਤ
ਪਿੰਡ ਇੱਬਣ ਕਲਾਂ ਵਿਚ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਹੋਏ ਧਮਾਕੇ ਵਿਚ ਫੈਕਟਰੀ ’ਚ ਬਣੇ ਸ਼ੈੱਡ ਦੀ ਛੱਤ ਟੁੱਟ ਗਈ ਹੈ। ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਵਾਹਨ ਮੌਕੇ ’ਤੇ ਭੇਜ ਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਇੱਥੇ ਪਈ ਵਿਸਫੋਟਕ ਸਮੱਗਰੀ ਅਤੇ ਪਟਾਕਿਆਂ ਨੂੰ ਅੱਗ ਲੱਗ ਗਈ, ਜਿਸ ਨਾਲ ਧਮਾਕਾ ਹੋ ਗਿਆ। ਧਮਾਕੇ ਕਾਰਨ ਸ਼ੈੱਡ ਦੀ ਛੱਤ ਤੇ ਕੰਧ ਵੀ ਟੁੱਟ ਗਈ।
ਜ਼ਿਲ੍ਹਾ ਫਾਇਰ ਬ੍ਰਿਗੇਡ ਅਧਿਕਾਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਨੇ ਕਾਫ਼ੀ ਮਿਹਨਤ ਨਾਲ ਅੱਗ ’ਤੇ ਕਾਬੂ ਪਾਇਆ। ਇਸ ਨਾਲ ਫੈਕਟਰੀ ਵਿਚ ਤਿਆਰ ਪਿਆ ਮਾਲ ਅੱਗ ਤੋਂ ਬਚ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਕੰਮ ਕਰ ਰਹੇ ਕਾਮਿਆਂ ਅਨੁਸਾਰ ਉਹ ਪਾਣੀ ਵਾਲੀ ਮੋਟਰ ਚਲਾਉਣ ਲੱਗੇ ਸਨ ਤੇ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ।
ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਐੱਸਡੀਐੱਮ ਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਪੁਲੀਸ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਫੈਕਟਰੀ ਮਾਲਕ ਤੋਂ ਪੜਤਾਲ ਕੀਤੀ ਜਾਵੇਗੀ ਤੇ ਮਾਲਕ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਹੈ ਜਾਂ ਨਹੀਂ ।