ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਆਗੂ ਘਰਾਂ ਵਿੱਚ ਨਜ਼ਰਬੰਦ

ਕਈਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਬੰਦ ਕੀਤਾ; ਸ਼ੰਭੂ ਥਾਣੇ ਦੇ ਬਾਹਰ ਧਰਨੇ ਦੇਣ ਦੇ ਐਲਾਨ ਤੋਂ ਬਾਅਦ ਕੀਤੀ ਕਾਰਵਾਈ
Advertisement

ਗੁਰਿੰਦਰ ਸਿੰਘ

ਲੁਧਿਆਣਾ, 5 ਮਈ

Advertisement

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਭਲਕੇ 6 ਮਈ ਨੂੰ ਸ਼ੰਭੂ ਥਾਣੇ ਦੇ ਬਾਹਰ ਦਿੱਤੇ ਜਾਣ ਵਾਲੇ ਧਰਨੇ ਨੂੰ ਵੇਖਦਿਆਂ ਪੁਲੀਸ ਵੱਲੋਂ ਅੱਜ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਜਦਕਿ ਕਈ ਆਗੂਆਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ।

ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਪਿੰਡ ਜਗੀਰਪੁਰ ਸਥਿਤ ਰਿਹਾਇਸ਼ ਵਿੱਚ ਪੁਲੀਸ ਪਾਰਟੀ ਨੇ ਤੜਕੇ ਤਿੰਨ ਵਜੇ ਦੇ ਕਰੀਬ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰਨ ਦਾ ਹੁਕਮ ਸੁਣਾਇਆ। ਇਸ ਦੀ ਖ਼ਬਰ ਮਿਲਦਿਆਂ ਹੀ ਕਈ ਆਗੂ ਅਤੇ ਵਰਕਰ ਉਨ੍ਹਾਂ ਦੀ ਰਿਹਾਇਸ਼ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਮੌਕੇ ਦਿਲਬਾਗ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜ ਰਹੀਆਂ ਸਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਉਸ ਲੜਾਈ ਨੂੰ ਬਿਨਾਂ ਕਾਰਨ ਆਪਣੇ ਗਲ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਦੇ ਰਹੇ ਸ਼ਾਂਤਮਈ ਕਿਸਾਨਾਂ ਨੂੰ ਉਠਾਉਣ ਲਈ ਪੁਲੀਸ ਨੇ ਜਬਰ ਦੀ ਵਰਤੋਂ ਕੀਤੀ ਅਤੇ ਤਸ਼ੱਦਦ ਕਰਕੇ ਕਿਸਾਨਾਂ ਨੂੰ ਧਰਨੇ ਤੋਂ ਉਠਾਇਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲੀਸ ਨੇ ਧਰਨਾ ਦੇ ਰਹੇ ਕਿਸਾਨਾਂ ਦਾ ਕੀਮਤੀ ਸਾਮਾਨ ਖੁਰਦ ਬੁਰਦ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 12 ਸੂਤਰੀ ਮੰਗਾਂ ਲਾਗੂ ਕਰਾਉਣ ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਚੁੱਕੇ ਕਿਸਾਨਾਂ ਦੇ ਕੀਮਤੀ ਸਾਮਾਨ ਨੂੰ ਵਾਪਸ ਲੈਣ ਅਤੇ ਕਿਸਾਨਾਂ ’ਤੇ ਜਬਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਇਹ ਧਰਨਾ ਦਿੱਤਾ ਜਾਣਾ ਸੀ।

ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਜਦਕਿ ਕੁਝ ਆਗੂਆਂ ਨੂੰ ਥਾਣਿਆਂ ਵਿੱਚ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਗੁਰਦੀਪ ਸਿੰਘ ਮਰਦਾਂਪੁਰ ਨੂੰ ਵੀ ਗ੍ਰਿਫ਼ਤਾਰ ਕਰਕੇ ਥਾਣੇ ਰੱਖਿਆ ਗਿਆ ਹੈ ਜਦਕਿ ਸੂਬਾਈ ਆਗੂਆਂ ਬਲਕਾਰ ਸਿੰਘ ਬੈਂਸ ਅਤੇ ਗੁਰਦੀਪ ਸਿੰਘ ਭੱਟੀ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਮਿਲਦਿਆਂ ਹੀ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਦੀ ਰਿਹਾਇਸ਼ ਵਿੱਚ ਪੁੱਜੇ। ਇਸ ਮੌਕੇ ਨੇਕ ਸਿੰਘ ਖਾਲਸਾ ਅਤੇ ਮਨਜੀਤ ਸਿੰਘ ਅਰੋੜਾ ਨੇ ਪੁਲੀਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ਨੂੰ ਫੜ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਪੁਲੀਸ ਦੀ ਪੋਲ ਖੁੱਲ੍ਹਣੀ ਸੀ ਕਿਉਂਕਿ ਪੁਲੀਸ ਵੱਲੋਂ ਕਿਸਾਨਾਂ ਦਾ ਕੀਮਤੀ ਸਮਾਨ ਚੋਰੀ ਕੀਤਾ ਗਿਆ ਸੀ ਪਰ ਪੁਲੀਸ ਨੇ ਇਸ ਧਰਨੇ ਨੂੰ ਫੇਲ੍ਹ ਕਰਨ ਲਈ ਹੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਉਨ੍ਹਾਂ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਗਵੰਤ ਮਾਨ ਸਰਕਾਰ ਦੀ ਜ਼ਬਰ ਜ਼ੁਲਮ ਵਾਲੀ ਹਰ ਕਾਰਵਾਈ ਦਾ ਇੱਕਜੁੱਟ ਹੋ ਕੇ ਜਵਾਬ ਦੇਣ।

 

 

Advertisement
Show comments