Farmer Protest: ਡੀਸੀ ਦਫਤਰਾਂ ਸਾਹਮਣੇ ਛੇ ਅਪਰੈਲ ਨੂੰ ਕਿਸਾਨ ਆਪਣੀਆਂ ਮੰਗਾਂ ਲਈ ਦੇਣਗੇ ਧਰਨੇ
ਜੰਡਿਆਲਾ ਗੁਰੂ ਨੇੜਲੇ ਪਿੰਡ ਨਵਾਂ ਪਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਅਤੇ ਕਿਸਾਨ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਆਉਂਦੀ ਛੇ ਅਪਰੈਲ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ...
ਜੰਡਿਆਲਾ ਗੁਰੂ ਨੇੜਲੇ ਪਿੰਡ ਨਵਾਂ ਪਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਅਤੇ ਕਿਸਾਨ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਆਉਂਦੀ ਛੇ ਅਪਰੈਲ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਦੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਦੀ ਪ੍ਰਧਾਨਗੀ ਹੇਠ ਹੋਈ।
ਜਿਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਲੱਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਐੱਮਐੱਸਪੀ ਖਰੀਦ ਗਰੰਟੀ ਕਨੂੰਨ ਬਣਾਉਣ, ਖੇਤੀ ਨੀਤੀ ਲਾਗੂ ਕਰਨ ਅਤੇ ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਆਉਂਦੀ ਛੇ ਅਪਰੈਲ ਨੂੰ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨਾ ਅਤੇ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਧਰਨੇ ਅੰਦਰ ਜਥੇਬੰਦੀ ਦੇ ਸੈਂਕੜੇ ਕਿਸਾਨ ਮਜ਼ਦੂਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਮੀਟਿੰਗ ਅੰਦਰ ਸਬਜ਼ੀ ਮੰਡੀ ਅੰਮ੍ਰਿਤਸਰ ਵੱਲਾ ਦੇ ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਸੰਧੂ ਦੇ ਵਤੀਰੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਅਧਿਕਾਰੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਕਿਸਾਨਾਂ ਨੇ ਦੋਸ਼ ਲਾਏ ਹਨ ਕਿ ਇਸ ਦੀ ਸ਼ਹਿ ’ਤੇ ਹੀ ਸਬਜ਼ੀ ਮੰਡੀ ਅੰਦਰ ਸੜਕਾਂ 'ਤੇ ਨਜਾਇਜ਼ ਕਬਜ਼ੇ ਕਰਵਾਏ ਗਏ ਹਨ।
ਇਹ ਅਧਿਕਾਰੀ ਕਿਸੇ ਵੀ ਵਿਅਕਤੀ ਦਾ ਫੋਨ ਨਾ ਸੁਣਦਾ ਹੈ ਅਤੇ ਨਾ ਹੀ ਜਵਾਬ ਦਿੰਦਾ ਹੈ। ਮੰਡੀ ਅੰਦਰ ਠੇਕੇਦਾਰ ਵੱਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਮਿਹਰਬਾਨੀ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ ਮਾਰਕੀਟ ਕਮੇਟੀ ਦੇ ਸਕੱਤਰ ਦਾ 10 ਅਪਰੈਲ ਨੂੰ ਸਬਜ਼ੀ ਮੰਡੀ ਵੱਲਾ ਅੰਦਰ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ਤਰਸੇਮ ਸਿੰਘ ਨੰਗਲ, ਕਰਨੈਲ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ, ਸੁੱਖਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੇਜ ਸਿੰਘ, ਮਲਕੀਅਤ ਸਿੰਘ, ਰਾਜਬੀਰ ਸਿੰਘ, ਤਲਵਿੰਦਰ ਸਿੰਘ, ਮੇਵਾ ਸਿੰਘ, ਪ੍ਰਤਾਪ ਸਿੰਘ, ਮਹਿਲ ਸਿੰਘ, ਧਰਮਿੰਦਰ ਸਿੰਘ, ਜੱਸਵਿੰਦਰ ਸਿੰਘ, ਜਸਪਾਲ ਸਿੰਘ ਨਬੀਪੁਰ,ਅਮਰਜੀਤ ਸਿੰਘ, ਹਰਜੀਤ ਸਿੰਘ ਨਿਜਾਮਪੁਰ ਆਦਿ ਮੌਜੂਦ ਸਨ।

