ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਸਤੰਬਰ
ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਕਿਸਾਨ ਮੰਗਾਂ ਸਬੰਧੀ 30 ਸਤੰਬਰ ਨੂੰ ਅੰਮ੍ਰਿਤਸਰ-ਦਿੱਲੀ ਹਾਈਵੇਅ ’ਤੇ ਆਵਾਜਾਈ ਬੰਦ ਕਰਕੇ ਸਰਕਾਰ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੀ ਮੀਟਿੰਗ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸਤਨਾਮ ਸਿੰਘ ਜੰਡਿਆਲਾ, ਪਰਮਜੀਤ ਸਿੰਘ ਬਾਘਾ ਚਾਟੀਵਿੰਡ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਭੂਰੇਵਾਲਾ ਵਿਖੇ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ, ਜਗਜੀਤ ਸਿੰਘ ਵਰਪਾਲ, ਕਾਰਜ ਸਿੰਘ ਰਾਮਪੁਰਾ ਨੇ ਕਿਹਾ ਕਿ ਬੇਮੌਸਮੀ ਬਾਰਸ਼ ਕਾਰਨ ਝੋਨੇ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਇਸ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ 30 ਸਤੰਬਰ ਨੂੰ ਅੰਮ੍ਰਿਤਸਰ-ਦਿੱਲੀ ਹਾਈਵੇਅ ਆਵਾਜਾਈ ਬੰਦ ਕਰਕੇ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।