9 ਜ਼ਿਲ੍ਹਿਆਂ ’ਚ ਸੜਕਾਂ ਜਾਮ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ; 8 ਜੂਨ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ
ਦਵਿੰਦਰਪਾਲ
ਚੰਡੀਗੜ੍ਹ, 4 ਜੂਨ
ਪੰਜਾਬ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਵੱਲੋਂ ਮੰਡੀ ਐਕਟ ਵਿੱਚ ਸੋਧ ਖਿਲਾਫ਼ ਪਹਿਲੇ ਦਿਨ ਮੋਦੀ ਸਰਕਾਰ ਦੇ ਪੁਤਲੇ ਫੂਕੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੁੱਖ ਸੜਕਾਂ ਜਾਮ ਕਰਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਤੇ ਆਰਡੀਨੈਂਸ ਰਾਹੀਂ ਜ਼ਰੂਰੀ ਵਸਤਾਂ ਨਿਯਮ 1955 ਵਿੱਚ ਸੋਧ ਨੂੰ ਕਿਸਾਨਾਂ ਦੀ ਮੌਤ ਤੇ ਗ਼ੁਲਾਮੀ ਕਰਾਰ ਦਿੰਦਿਆਂ 8 ਜੂਨ ਨੂੰ ਡੀਸੀ ਦਫਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਉਧਰ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਬਿਜਲੀ ਤੇ ਠੇਕਾ ਮੁਲਾਜ਼ਮਾਂ, ਸਨਅਤੀ ਮਜ਼ਦੂਰਾਂ ਅਤੇ ਨੌਜਵਾਨ ਵਿਦਿਆਰਥੀ ਜਥੇਬੰਦੀਆਂ ਵਲੋਂ 14 ਜ਼ਿਲ੍ਹਿਆਂ ਦੇ 36 ਤਹਿਸੀਲ ਹੈੱਡਕੁਆਰਟਰਾਂ ਅੱਗੇ ਦੂਜੇ ਦਿਨ ਵੀ ਰੋਹ ਭਰਪੂਰ ਧਰਨੇ ਦਿੱਤੇ ਗਏ।