ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਝੋਨੇ ਦੀ ਸਰਕਾਰੀ ਖ਼ਰੀਦ ਦੌਰਾਨ ਦਰਪੇਸ਼ ਮੁਸ਼ਕਲਾਂ ਕਾਰਨ ਪ੍ਰੇਸ਼ਾਨ
Advertisement
ਅੰਮ੍ਰਿਤਸਰ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਥੇਬੰਦੀ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ ਜੋ ਜਥੇਬੰਦੀ ਵੱਲੋਂ ਆਰੰਭੇ ਸੰਘਰਸ਼ ਦੀ ਵੱਡੀ ਜਿੱਤ ਹੈ। ਧਰਨੇ ਦੀ ਸਮਾਪਤੀ ਤੋਂ ਬਾਅਦ ਕਿਸਾਨ ਆਗੂਆਂ ਕਿਹਾ ਕਿ 13 ਅਕਤੂਬਰ ਨੂੰ ਸ਼ੁਰੂ ਹੋਏ ਇਸ ਅੰਦੋਲਨ ਨੇ ਨਾ ਸਿਰਫ਼ ਭਗਤਾਂ ਵਾਲਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਨੂੰ ਨਿਰਵਿਘਨ ਰੂਪ ਵਿੱਚ ਸ਼ੁਰੂ ਕਰਵਾਇਆ, ਸਗੋਂ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਵਿਰੁੱਧ ਕਾਰਵਾਈ ਨੂੰ ਵੀ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਵਾਅਦਾ ਕੀਤਾ ਹੈ ਕਿ ਬਾਕੀ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।
ਧਰਨੇ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਜਥੇਬੰਦੀ ਨੇ ਮੰਗ ਕੀਤੀ ਸੀ ਕਿ ਭਗਤਾਂ ਵਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਵਿੱਚ ਵਿਘਨ ਪਾਉਣ ਵਾਲੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ। ਧਰਨੇ ਦੌਰਾਨ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਮੰਡੀ ਵਿੱਚ ਲਿਆਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ, ਖਰੀਦ ਵਿੱਚ ਦੇਰੀ ਅਤੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਦੋਸ਼ ਲਾਏ। ਕਿਸਾਨ ਆਗੂਆਂ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਥੋੜ੍ਹੇ ਸਮੇਂ ਵਿੱਚ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਏ ਤਾਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Advertisement
Advertisement
