ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਜਨਵਰੀ
ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਅੜਿੱਕਾ ਪਾਉਣ ਦੇ ਦੋਸ਼ ਹੇਠ ਅੱਜ ਇੱਥੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਸਾੜਿਆ ਗਿਆ।
ਜਥੇਬੰਦੀ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਲਖਬੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਕਾਰਕੁਨਾਂ ਨੇ ਇਕੱਠੇ ਹੋ ਕੇ ‘ਆਪ’ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਸ੍ਰੀ ਢੋਟ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜਿਨ੍ਹਾਂ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਉਨ੍ਹਾਂ ਦੀ ਰਿਹਾਈ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਮਤੇ ਨੂੰ ਕੇਜਰੀਵਾਲ ਸਰਕਾਰ ਵੱਲੋਂ ਚਾਰ ਵਾਰ ਰੱਦ ਕੀਤਾ ਜਾ ਚੁੱਕਾ ਹੈ ਜਿਸ ਕਾਰਨ ਸਿੱਖਾਂ ਵਿੱਚ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਸ ਦੀ ਰਿਹਾਈ ਲਈ ਤੁਰੰਤ ਅਮਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵੇਲੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ।