ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ’ਚ ਪੰਜ ਕਾਬੂ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (CI) ਵਿੰਗ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਪੰਜ ਵਿਅਕਤੀਆ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ ਸਾਰੇ ਵਾਸੀ ਅੰਮ੍ਰਿਤਸਰ ਜ਼ਿਲ੍ਹੇ ਦੇ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ।
ਇਨ੍ਹਾਂ ਕੋਲੋ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ, 30 ਬੋਰ ਪੀਐਕਸ, 5 ਪਿਸਤੌਲ ਅਤੇ 30 ਬੋਰ ਸਟਾਰ ਮਾਰਕ ਪਿਸਤੌਲ ਸ਼ਾਮਲ ਹਨ। ਪੁਲੀਸ ਨੇ ਖੇਪਾਂ ਦੀ ਡਿਲਿਵਰੀ ਲਈ ਵਰਤੇ ਜਾ ਰਹੇ ਵਾਹਨ ਵੀ ਜ਼ਬਤ ਕੀਤੇ ਹਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਇਹ ਤਸਕਰ ਪਾਕਿਸਤਾਨੀ ਤਸਕਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਹਵਾਲਾ ਆਪਰੇਟਰ ਨਿਕਲਿਆ ,ਜਿਸਦੀ ਪਛਾਣ ਹਰਕੀਰਤ ਵਜੋਂ ਹੋਈ ਹੈ । ਜਿਸ ਤੋਂ 6 ਲੱਖ ਰੁਪਏ ਬਰਾਮਦ ਕੀਤੇ ਗਏ ਹਨ ਅਤੇ ਇਹ ਪੈਸੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜੇ ਜਾਣੇ ਸਨ।
ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਹੈ। ਪੁਲੀਸ ਵਲੋ ਮਾਮਲੇ ਦੀ ਹੋਰ ਜਾਂਚ ਜਾਰੀ ਹੈ।