ਮਨਮੋਹਣ ਸਿੰਘ ਢਿੱਲੋਂ
ਅੰਮ੍ਰਿਤਸਰ, 17 ਦਸੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਾਈ ਵੀਰ ਸਿੰਘ ਨੂੰ ਸਮਰਪਿਤ ਫੁੱਲਾਂ ਅਤੇ ਬੂਟਿਆਂ ਦਾ ਮੇਲਾ ਅੱਜ ਕੁਦਰਤ ਪ੍ਰਤੀ ਲਗਾਓ ਅਤੇ ਪ੍ਰੇਮ ਦਾ ਸੁਨੇਹਾ ਦਿੰਦਿਆਂ ਸਮਾਪਤ ਹੋ ਗਿਆ। ਇਸ ਮੇਲੇ ਵਿਚ ਇਸ ਵਰ੍ਹੇ ਬੀਤੇ ਵਰ੍ਹਿਆਂ ਮੁਕਾਬਲੇ ਨੌਜਵਾਨਾਂ ਵਿਚ ਵਧੇਰੇ ਉਤਸ਼ਾਹ ਵੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਹੋਰ ਲੋਕਾਂ ਨੇ ਫੁੱਲਾਂ ਅਤੇ ਬੂਟਿਆਂ ਦੀਆਂ ਵੱਖ-ਵੱਖ ਕਿਸਮਾਂ ਦੇ ਦਿਦਾਰ ਕੀਤੇ ਅਤੇ ਬਾਗਬਾਨੀ ਕਰਨ ਦੇ ਆਧੁਨਿਕ ਢੰਗ ਤਰੀਕੇ ਵੀ ਸਿੱਖੇ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਕੀਤੀ ਅਤੇ ਜੇਤੂਆਂ ਨੂੰ ਇਨਾਮ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਪੌਦਿਆਂ ਅਤੇ ਫੁੱਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਸਦਕਾ ਕੁਦਰਤ ਨਾਲ ਜੁੜੇ ਹੋਣ ਦਾ ਅਹਿਸਾਸ ਹੋਵੇ।
ਸਲਾਹਕਾਰ ਬਾਗਬਾਨੀ ਡਾ. ਜਸਵਿੰਦਰ ਸਿੰਘ ਬਿਲਗਾ ਅਤੇ ਯੂਨੀਵਰਸਿਟੀ ਦੇ ਲੈਂਡਸਕੇਪ ਅਫਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਫੁੱਲਾਂ ਅਤੇ ਪੌਦਿਆਂ ਦੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ ਅੰਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂਕਿ ਕੇ.ਐਮ.ਵੀ. ਕਾਲਜ, ਜਲੰਧਰ ਤੀਜੇ ਸਥਾਨ ’ਤੇ ਰਿਹਾ।