ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਹੀਂ ਰਹੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਹੀਂ ਰਹੇ। ਉਨ੍ਹਾਂ ਨੇ ਅੱਜ ਸ਼ਾਮ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ 65 ਸਾਲਾਂ ਦੀ ਉਮਰ ਵਿੱਚ ਆਖਰੀ ਸਾਂਹ ਲਏ ।
ਦਰਅਸਲ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਦਿਲ ਵਿੱਚ ਤਕਲੀਫ ਹੋਣ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਜਿੱਥੇ ਅੱਜ ਦੇਰ ਸ਼ਾਮੀਂ ਉਨ੍ਹਾਂ ਨੇ ਆਖਰੀ ਸਵਾਸ ਲਏ।
ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਵੀਰ ਸਿੰਘ ਨੇ ਦੱਸਿਆ ਕਿ ਦਿਲਜੀਤ ਸਿੰਘ ਬੇਦੀ ਨੂੰ ਦਿਲ ਵਿਚ ਤਕਲੀਫ ਦੀ ਸ਼ਿਕਾਇਤ ਹੋਈ ਸੀ। ਅੱਜ ਦੇਰ ਸ਼ਾਮੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਉਹ ਅਕਾਲ ਚਲਾਣਾ ਕਰ ਗਏ।
ਸ਼੍ਰੀ ਬੇਦੀ ਦਾ ਜਨਮ 31 ਦਸੰਬਰ 1960 ਨੂੰ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਘਰ ਹੋਇਆ। ਉਹ 1980 ਵਿਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪ੍ਰਧਾਨਗੀ ਕਾਲ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਭਰਤੀ ਹੋਏ ਸਨ ਅਤੇ ਉਨਾ ਨੇ ਜਥੇਦਾਰ ਕਾਬਲ ਸਿੰਘ, ਬਲਦੇਵ ਸਿੰਘ ਸਿਬੀਆ, ਬੀਬੀ ਜਗੀਰ ਕੌਰ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਸੇਵਾਵਾਂ ਨਿਭਾਈਆਂ।ਉਨ੍ਹਾਂ ਦੀ ਸੇਵਾ ਦਾ ਬਹੁਤਾ ਸਮਾਂ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਨਾਲ ਸਬੰਧਤ ਰਿਹਾ। ਉਹ ਲਗਪਗ 25 ਸਾਲ ਸ਼੍ਰੋਮਣੀ ਕਮੇਟੀ ਦੇ ਮਾਸਿਕ ਪੱਤਰ ਗੁਰਦੁਆਰਾ ਗਜ਼ਟ ਦੀ ਸੰਪਾਦਨਾ ਦੇ ਕਾਰਜ ਨਾਲ ਵੀ ਜੁੜੇ ਰਹੇ।
ਉਨ੍ਹਾਂ ਨੇ ਇਸ ਸਮੇਂ ਦੌਰਾਨ ਗੁਰਦੁਆਰਾ ਗਜ਼ਟ ਦੇ ਵਿਸ਼ੇਸ਼ ਯਾਦਗਾਰੀ ਅੰਕ ਵੀ ਪ੍ਰਕਾਸ਼ਿਤ ਕੀਤੇ। ਉਨ੍ਹਾਂ ਨੇ ਆਪਣੀ ਕਲਮ ਤੋਂ ਅਨੇਕਾਂ ਪੁਸਤਕਾਂ ਦੀ ਰਚਨਾ ਅਤੇ ਸੰਪਾਦਨਾ ਕਰਕੇ ਧਰਮ ਅਤੇ ਇਤਿਹਾਸ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ। ਦਸੰਬਰ 2018 ਵਿਚ ਸ਼੍ਰੋਮਣੀ ਕਮੇਟੀ ਦੀ ਸੇਵਾ ਤੋਂ ਬਤੌਰ ਸਕੱਤਰ ਪਬਲੀਸਿਟੀ ਸੇਵਾ ਮੁਕਤ ਹੋਣ ਤੋਂ ਬਾਅਦ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਲਈ ਬਤੌਰ ਸਕੱਤਰ ਸੇਵਾਵਾਂ ਨਿਭਾਅ ਰਹੇ ਸਨ।
ਜਥੇਦਾਰ ਬਾਬਾ ਬਲਵੀਰ ਸਿੰਘ ਨੇ ਦੱਸਿਆ ਕਿ ਉਨਾ ਦੇ ਇਲਾਜ ਲਈ ਜਥੇਬੰਦੀ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਬੁੱਢਾ ਦਲ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬੱਚਿਆਂ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਕੀਤਾ ਜਾਵੇਗਾ।