ਚਾਰ ਮੁਲਜ਼ਮ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ
ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ 24 ਘੰਟਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹੈਰੋਇਨ, ਪਿਸਤੌਲ, ਗੋਲਾ ਬਾਰੂਦ, ਡਰੋਨ ਤੇ ਮੋਟਰਸਾਈਕਲ ਬਰਾਮਦ ਕੀਤੇ ਹਨ।
ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਬਚੀਵਿੰਡ ਪਿੰਡ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਇੱਕ ਵਿਅਕਤੀ ਨੂੰ 560 ਗ੍ਰਾਮ ਹੈਰੋਇਨ, ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ। ਬਾਅਦ ਵਿੱਚ ਉਸ ਨੂੰ ਅਗਲੇਰੀ ਜਾਂਚ ਵਾਸਤੇ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਇੱਕ ਹੋਰ ਕਾਰਵਾਈ ਵਿੱਚ ਬੀਐਸਐਫ ਨੇ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਬਾਗੜੀਆਂ ਪਿੰਡ ਵਿੱਚ ਤਲਾਸ਼ੀ ਸ਼ੁਰੂ ਕੀਤੀ ਅਤੇ ਇੱਕ ਡੀਜੇਆਈ ਮੈਵਿਕ 3 ਕਲਾਸਿਕ ਡਰੋਨ ਬਰਾਮਦ ਕੀਤਾ। ਡਰੋਨ ਨਾਲ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਸਨ। ਇਸੇ ਦਿਨ ਅੰਮ੍ਰਿਤਸਰ-ਜਲੰਧਰ ਹਾਈਵੇਅ ਨੇੜੇ ਲਗਾਤਾਰ ਨਿਗਰਾਨੀ ਤੋਂ ਬਾਅਦ ਦੋ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ। ਇਹ ਦੋਵੇਂ ਅੰਮ੍ਰਿਤਸਰ ਦੇ ਤਿਮੋਵਾਲ ਪਿੰਡ ਅਤੇ ਤਰਨ ਤਾਰਨ ਦੇ ਸਰਸੀ ਕਲਾਂ ਦੇ ਰਹਿਣ ਵਾਲੇ ਹਨ।
ਬੀਐੱਸਐੱਫ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅੰਮ੍ਰਿਤਸਰ ਨਾਲ ਸਾਂਝੇ ਅਪਰੇਸ਼ਨ ਵਿੱਚ ਬਾਗੜੀਆਂ ਪਿੰਡ ਤੋਂ ਇੱਕ ਹੋਰ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। ਉਸ ਕੋਲੋਂ 1.225 ਕਿਲੋ ਹੈਰੋਇਨ, ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ। ਮੁਲਜਮ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।