ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੂਨ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫ਼ਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਚ ਵਾਪਰੀਆਂ ਅਨੈਤਿਕ ਕਾਰਵਾਈਆਂ ਲਈ ਜ਼ਿੰਮੇਵਾਰ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਫੌਰੀ ਬਰਖ਼ਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਰਦੁਆਰੇ ਦੇ ਬਾਕੀ ਸਟਾਫ਼ ਨੂੰ ਵੀ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ 18 ਜੂਨ ਨੂੰ ਹੋਣ ਵਾਲੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਪ੍ਰਬੰਧ ਨਿਯਮਾਂ ਵਿਚ ਸੋਧ ਕਰ ਕੇ ਅਨੈਤਿਕ ਕਾਰਵਾਈ ਕਰਨ ਵਾਲੇ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਨਿਯਮ ਸ਼ਾਮਲ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਸੰਗਤ ਦੀ ਸ਼ਿਕਾਇਤ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਥਾਣਾ ਜੈਤੋ ਵਿੱਚ ਕੇਸ ਵੀ ਦਰਜ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫਲਾਇੰਗ ਸਟਾਫ ਦੀ ਟੀਮ ਨੂੰ ਅੱਜ ਮੁੜ ਉਥੇ ਭੇਜ ਕੇ ਪੁਲੀਸ ਕੇਸ ਨੂੰ ਹੋਰ ਮਜ਼ਬੂਤ ਕਰਵਾਉਣ ਲਈ ਆਖਿਆ ਹੈ। ਉਨ੍ਹਾਂ ਇਸ ਘਟਨਾ ਨੂੰ ਦੁਖਦਾਈ ਦੱਸਦਿਆਂ ਇਸ ਲਈ ਸੰਗਤ ਕੋਲੋਂ ਖਿਮਾ ਯਾਚਨਾ ਵੀ ਕੀਤੀ ਅਤੇ ਕਿਹਾ ਕਿ ਇਸ ਨਾਲ ਸੰਗਤ ਸਮੇਤ ਖੁਦ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ 18 ਜੂਨ ਨੂੰ ਹੋਣ ਵਾਲੀ ਮੀਟਿੰਗ ਵਿਚ ਪ੍ਰਬੰਧ ਨਿਯਮਾਂ ਵਿਚ ਲੋੜੀਂਦੀ ਸੋਧ ਕੀਤੀ ਜਾਵੇਗੀ ਤਾਂ ਜੋ ਅਨੈਤਿਕ ਕਾਰਜ ਕਰਨ ਵਾਲੇ ਕਰਮਚਾਰੀ ਨੂੰ ਤੁਰੰਤ ਮੌਕੇ ’ਤੇ ਬਰਖਾਸਤ ਕੀਤਾ ਜਾ ਸਕੇ। ਗੁਰਦੁਆਰੇ ਦੇ ਇਤਿਹਾਸਕ ਖੂਹ ਵਿਚੋਂ ਸ਼ਰਾਬ ਦੀਆਂ ਬੋਤਲਾਂ ਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲੀ ਹੈ। ਗੁਰਦੁਆਰਾ ਕੈਂਪਸ ਵਿਚ ਕਥਿਤ ਮੰਦਭਾਵਨਾ ਨਾਲ ਔਰਤ ਨੂੰ ਸੱਦਣ ਦੇ ਵੀ ਦੋਸ਼ ਲੱਗ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਚਾਰ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।
‘ਗੁਰਦੁਆਰਾ ਪ੍ਰਬੰਧ ਨਾਲ ਜੁੜੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੋਰਾਂ ਨਾਲੋਂ ਵੱਧ’
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ਿੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੋ ਮੁਲਜ਼ਮ ਗ੍ਰਿਫ਼ਤਾਰ; ਦੋ-ਰੋਜ਼ਾ ਪੁਲੀਸ ਰਿਮਾਂਡ ਮਿਲਿਆ
ਜੈਤੋ (ਸ਼ਗਨ ਕਟਾਰੀਆ): ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ’ਚ ਇਤਰਾਜ਼ਯੋਗ ਸਮੱਗਰੀ ਦੀ ਬਰਾਮਦਗੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਤੇ ਪੁਲੀਸ ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਸੰਗਤਾਂ ਦਾ ਰੋਹ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਲੋੜੀਂਦੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਕਲਰਕ ਸੁਖਮੰਦਰ ਸਿੰਘ ਅਤੇ ਸੇਵਾਦਾਰ ਗੁਰਬਾਜ਼ ਸਿੰਘ ਨੂੰ ਲੰਘੀ ਰਾਤ ਮੁਕਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਫ਼ੋਨ ਟਰੈਪਿੰਗ ਜ਼ਰੀਏ ਹੋਈ ਦੱਸੀ ਜਾਂਦੀ ਹੈ। ਦੋਵਾਂ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਦੋ ਦਿਨਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।