ਸਰਹੱਦ ਪਾਰੋਂ ਹਥਿਆਰ ਤਸਕਰੀ: ਸੱਤ ਪਿਸਤੌਲਾਂ ਸਣੇ ਚਾਰ ਗ੍ਰਿਫ਼ਤਾਰ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20) ਅਤੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐੱਮਐੱਮ ਪੀਐਕਸ 5, ਦੋ 9 ਐੱਮਐੱਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਨੇੜਲੇ ਖੇਤਰ ’ਚ ਖੇਪ ਪ੍ਰਾਪਤ ਕਰਕੇ ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਅਤੇ ਇਸ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।
ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲੀਸ ਟੀਮਾਂ ਨੇ ਸੂਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਅਧੀਨ ਆਉਂਦੇ ਖੇਤਰ ਤੋਂ ਆਕਾਸ਼ ਅਤੇ ਰਮਨ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਤੋਂ ਚਾਰ ਪਿਸਤੌਲ- ਦੋ ਪੀਐਕਸ5, 9 ਐੱਮਐੱਮ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਦੋ ਸਾਥੀਆਂ ਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਬੱਬਲ ਨੂੰ ਵੀ ਉਸੇ ਖੇਤਰ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁਲਜ਼ਮ ਆਕਾਸ਼ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿੰਦਾ ਹੈ ਅਤੇ ਉਹ ਰਮਨ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ, ਜਦੋਂ ਕਿ ਉਨ੍ਹਾਂ ਦੇ ਸਾਥੀ ਸਰਬਜੀਤ ਅਤੇ ਪ੍ਰਤਾਪ ਹਥਿਆਰ ਸਪਲਾਈ ਕਾਰਜਾਂ ਲਈ ਤਾਲਮੇਲ ਅਤੇ ਪ੍ਰਬੰਧ ਕਰਦੇ ਸਨ। ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਛੇਹਰਟਾ ਵਿੱਚ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।