ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 4 ਦਸੰਬਰ
ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਸ਼ਖਸੀਅਤਾਂ ਨੇ ਚੱਢਾ ਦੀ ਮ੍ਰਿਤਕ ਦੇਹ ’ਤੇ ਦੁਸ਼ਾਲੇ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਧਾਰਮਿਕ, ਸਮਾਜਿਕ, ਸਿਆਸੀ ਤੇ ਕਾਰ ਸੇਵਕ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਮੇਅਰ ਨੇ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਹਰਜੀਤ ਸਿੰਘ ਚੱਢਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਵਿਦਿਅਕ, ਸਮਾਜਿਕ ਤੇ ਧਾਰਮਿਕ ਖੇਤਰ ’ਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ ਜੋ ਹਮੇਸ਼ਾ ਯਾਦ ਰਹਿਣਗੀਆਂ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਤੋਂ ਡਾ. ਇੰਦਰਬੀਰ ਸਿੰਘ ਨਿੱਜਰ, ਸੰਤੋਖ ਸਿੰਘ ਸੇਠੀ, ਸਰਬਜੀਤ ਸਿੰਘ, ਬਲਦੇਵ ਸਿੰਘ ਚੌਹਾਨ, ਭਰਪੂਰ ਸਿੰਘ ਠੇਕੇਦਾਰ ਤੇ ਮਨਪ੍ਰੀਤ ਸਿੰਘ ਜੱਸੀ ਮੌਜੂਦ ਸਨ।