ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਗਸਤ
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨੇੜੇ ਗੁਰਮਤਿ ਰਵਾਇਤਾਂ ਨਾਲ ਕੀਤਾ ਗਿਆ। ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗੁਰਬਚਨ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਮੇਤ ਹੋਰ ਵੱਡੀ ਗਿਣਤੀ ਪੰਥਕ ਸ਼ਖ਼ਸੀਅਤਾਂ ਨੇ ਲੋਈ ਤੇ ਸਿਰੋਪਾਓ ਭੇਟ ਕਰਕੇ ਮਰਹੂਮ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਅਰਦਾਸ ਕੀਤੀ ਗਈ ਤੇ ਮਹਿੰਦਰ ਸਿੰਘ ਨੇ ਆਪਣੇ ਪਿਤਾ ਦੀ ਚਿਖਾ ਨੂੰ ਅਗਨੀ ਦਿਖਾਈ। ਇਸ ਮਗਰੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੋਕ ਸਭਾ ਵੀ ਕੀਤੀ ਗਈ ਜਿਥੇ ਵਿੱਛੜੀ ਰੂਹ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਮਰਹੂਮ ਗਿਆਨੀ ਜਗਤਾਰ ਸਿੰਘ ਦਾ ਸਤਿਕਾਰ ਸਿੱਖ ਕੌਮ ਵਿੱਚ ਸਦਾ ਕਾਇਮ ਰਹੇਗਾ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੰਗਲੈਂਡ ਤੋਂ ਮਰਹੂਮ ਗਿਆਨੀ ਜਗਤਾਰ ਸਿੰਘ ਦੇ ਪਰਿਵਾਰ ਨਾਲ ਫ਼ੋਨ ’ਤੇ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਨੂੰ ਖ਼ਾਲਸਾ ਪੰਥ ਹਮੇਸ਼ਾ ਯਾਦ ਰੱਖੇਗਾ। ਉਹ ਗੁਰਮਤਿ ਰੰਗ ਵਿੱਚ ਰੰਗੀ ਹੋਈ ਗੁਣੀ ਗਿਆਨੀ ਸ਼ਖ਼ਸੀਅਤ ਦੇ ਮਾਲਕ ਸਨ।
ਮੋਦੀ ਤੇ ਅਮਿਤ ਸ਼ਾਹ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੂੰ ਮਨੁੱਖਤਾ ਦੀ ਸੇਵਾ ਕਰਨ ਤੇ ਗਿਆਨਵਾਨ ਹੋਣ ਲਈ ਸਦਾ ਯਾਦ ਕੀਤਾ ਜਾਵੇਗਾ। ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਬਹੁਤ ਦੁੱਖ ਹੋਇਆ ਹੈ। ਸਮੁੱਚੇ ਸਿੱਖ ਧਰਮ ਬਾਰੇ ਉਨ੍ਹਾਂ ਦੇ ਡੂੰਘੇ, ਅਧਿਆਤਮਕ ਗਿਆਨ ਨੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਪ੍ਰੇਰਿਤ ਕਰਨ ਦਾ ਕੰਮ ਕੀਤਾ। ਇਸ ਤੋਂ ਇਲਾਵਾ ਕੌਮੀ ਸਵੈ ਸੇਵਕ ਸੰਘ ਦੇ ਮੁਖੀ ਦੱਤਾਤਰੇਅ ਹੋਸਬਾਲੇ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।