Gagandeep Randhawa Suicide case: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਗਗਨਦੀਪ ਰੰਧਾਵਾ ਦੀ ਮੌਤ ਦੀ CBI ਜਾਂਚ ਦੀ ਕੀਤੀ ਮੰਗ
ਪੰਜਾਬ ਦੇ ਚਾਰ ਸੰਸਦ ਮੈਂਬਰਾਂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਚਰਨਜੀਤ ਸਿੰਘ ਚੰਨੀ ਅਤੇ ਡਾ. ਧਰਮਵੀਰ ਗਾਂਧੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ...
ਪੰਜਾਬ ਦੇ ਚਾਰ ਸੰਸਦ ਮੈਂਬਰਾਂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਚਰਨਜੀਤ ਸਿੰਘ ਚੰਨੀ ਅਤੇ ਡਾ. ਧਰਮਵੀਰ ਗਾਂਧੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਮਾਮਲਾ ਸੰਸਦ ਭਵਨ ਵਿੱਚ ਇਜਲਾਸ ਦੌਰਾਨ ਚੁੱਕਿਆ ਹੈ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਜਿਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਖਿਆ ਕਿ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਇਸ ਮੰਗ ਸਬੰਧੀ ਲਿਖ ਕੇ ਦਿੰਦੇ ਹਨ ਤਾਂ ਉਹ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣਗੇ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਸਮੇਂ ਸੰਸਦ ਮੈਂਬਰਾਂ ਨੇ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਨੂੰ ਕਥਿਤ ਖੁਦਕੁਸ਼ੀ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਪੂਰੀ ਅਤੇ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਨੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਹਨ ।
ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਵਫ਼ਦ ਨੇ ਕਿਹਾ ਕਿ ਸਿਰਫ਼ ਸੀ.ਬੀ.ਆਈ. ਜਾਂਚ ਹੀ ਕਿਸੇ ਵੀ ਸਥਾਨਕ ਪ੍ਰਭਾਵ ਜਾਂ ਦਬਾਅ ਤੋਂ ਮੁਕਤ ਨਿਰਪੱਖ ਜਾਂਚ ਨੂੰ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਪੀੜਤ ਪਰਿਵਾਰ ਅਤੇ ਆਮ ਜਨਤਾ ਦੀਆਂ ਭਾਵਨਾਵਾਂ ਵੀ ਪ੍ਰਗਟ ਕੀਤੀਆਂ, ਜੋ ਇਸ ਮਾਮਲੇ ਵਿੱਚ ਨਿਆਂ ਅਤੇ ਸਪੱਸ਼ਟਤਾ ਦੀ ਮੰਗ ਕਰ ਰਹੇ ਹਨ।
ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿਆਂ ਦੇ ਹਿੱਤ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਸਿਸਟਮ ਵਿੱਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ। ਕਾਂਗਰਸ ਆਗੂਆਂ ਨੇ ਦੁਹਰਾਇਆ ਕਿ ਉਹ ਮ੍ਰਿਤਕ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਸ ਮੰਦਭਾਗੀ ਘਟਨਾ ਦੇ ਪਿੱਛੇ ਦੀ ਸੱਚਾਈ ਨੂੰ ਜਲਦੀ ਤੋਂ ਜਲਦੀ ਸਾਹਮਣੇ ਲਿਆਉਣ ਲਈ ਵਚਨਬੱਧ ਹਨ।

