ਜਗਤਾਰ ਲਾਂਬਾ
ਅੰਮ੍ਰਿਤਸਰ, 28 ਜੁਲਾਈ
ਸ਼ਹਿਰ ਵਿੱਚ ਕੂੜਾ ਚੁੱਕਣ ਵਾਲੀ ਨਿੱਜੀ ਕੰਪਨੀ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੇ ਹੜਤਾਲ ਕਰ ਦਿੱਤੀ ਹੈ ,ਜਿਸ ਕਾਰਨ ਦੋ ਦਿਨਾਂ ਤੋਂ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਗਿਆ। ਬਰਸਾਤ ਦੇ ਦਿਨਾਂ ਵਿੱਚ ਸ਼ਹਿਰ ਵਿੱਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਸ਼ਹਿਰ ਵਿੱਚ ਗੰਦਗੀ ਫੈਲ ਸਕਦੀ ਹੈ ਅਤੇ ਇਹ ਬਿਮਾਰੀ ਫੈਲਣ ਦਾ ਕਾਰਨ ਵੀ ਬਣ ਸਕਦਾ ਹੈ ।
ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕੂੜਾ ਚੁੱਕਣ ਦਾ ਕੰਮ ਇਕ ਨਿੱਜੀ ਕੰਪਨੀ ਨੂੰ ਦਿੱਤਾ ਹੋਇਆ ਹੈ। ਮਿਲੇ ਵੇਰਵਿਆਂ ਮੁਤਾਬਕ ਇਸ ਨਿੱਜੀ ਕੰਪਨੀ ਦੇ ਹੇਠ ਕੰਮ ਕਰਦੇ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਤਨਖਾਹਾਂ ਨਾ ਮਿਲਣ ਕਾਰਨ ਰੋਹ ਵਿੱਚ ਆਏ ਮੁਲਾਜ਼ਮਾਂ ਨੇ ਬੀਤੇ ਕੱਲ੍ਹ ਤੋਂ ਸ਼ਹਿਰ ਵਿੱਚੋਂ ਕੂੜਾ ਚੁੱਕਣ ਦਾ ਕੰਮ ਬੰਦ ਕਰ ਦਿੱਤਾ ਹੈ। ਅੱਜ ਵੀ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਘਰ ਘਰ ਵਿੱਚੋਂ ਕੂੜਾ ਇਕੱਠਾ ਕੀਤਾ ਗਿਆ ਹੈ। ਇਸ ਕਾਰਨ ਸ਼ਹਿਰ ਵਿੱਚ ਖਾਸ ਕਰਕੇ ਪੁਰਾਣੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਕੂੜੇ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਲੋਕਾਂ ਨੇ ਆਪਣੇ ਘਰਾਂ ਦਾ ਕੂੜਾ ਵੀ ਬਾਹਰ ਕੂੜੇ ਦੇ ਢੇਰ ਤੇ ਸੁੱਟ ਦਿੱਤਾ ਹੈ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਆਖਿਆ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਿਛਲੇ ਦੋ-ਤਿੰਨ ਮਹੀਨੇ ਤੋਂ ਤਨਖਾਹਾਂ ਨਹੀਂ ਮਿਲੀਆਂ ਜਿਸ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਮਾਨਸੂਨ ਦੇ ਚੱਲਦਿਆਂ ਅੱਜ-ਕੱਲ੍ਹ ਭਾਰੀ ਮੀਂਹ ਵੀ ਪੈ ਰਿਹਾ ਹੈ ਅਤੇ ਇਸ ਨਾਲ ਸ਼ਹਿਰ ਵਿੱਚ ਬਿਮਾਰੀ ਫੈਲਣ ਦਾ ਡਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਪਹਿਲਾਂ ਹੀ ਬਦਤਰ ਹਾਲਤ ਵਿੱਚ ਹੈ ਅਤੇ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਹਰ ਵਾਰ ਪਾਣੀ ਖੜ੍ਹਾ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਅਤੇ ਨਗਰ ਨਿਗਮ ਨੂੰ ਅਪੀਲ ਕੀਤੀ ਹੈ ਕਿ ਉਹ ਸਫ਼ਾਈ ਕਰਮਚਾਰੀਆਂ ਦੀਆਂ ਤਨਖਾਹਾਂ ਤੇ ਹੋਰ ਮੰਗਾਂ ਨੂੰ ਪੂਰਾ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਸ਼ਹਿਰ ਵਿੱਚ ਸਫਾਈ ਹੋ ਸਕੇ ਅਤੇ ਲੋਕਾਂ ਨੂੰ ਰਾਹਤ ਮਿਲੇ।
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਨਗਰ ਕੌਂਸਲ ਸਫਾਈ ਸੇਵਕ ਯੂਨੀਅਨ ਫਤਿਹਗੜ੍ਹ ਚੂੜੀਆਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਸਬੰਧੀ ਪ੍ਰਧਾਨ ਰਾਹੁਲ ਮਸੀਹ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪ੍ਰਧਾਨ ਰਾਹੁਲ ਮਸੀਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਫਾਈ ਸੇਵਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਠੇਕਾ ਪ੍ਰਣਾਲੀ ਸਮਾਪਤ ਕਰਕੇ ਸਫਾਈ ਸੇਵਕਾਂ ਨੂੰ ਰੈਗੂਲਰ ਕਰਨਾ, ਸ਼ਹਿਰ ਦੀਆਂ ਬੀਟਾਂ ਅਨੁਸਾਰ ਸਫਾਈ ਸੇਵਕਾਂ ਦੀ ਰੈਗੂਲਰ ਭਰਤੀ ਕਰਨਾ, ਤਨਖਾਹਾਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਦੇਣਾ, ਬਰਾਬਰ ਕੰਮ-ਬਰਾਬਰ ਤਨਖਾਹ ਦੇਣਾ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਸਾਰੇ ਲਾਭ ਦੇਣਾ, ਸਫਾਈ ਸੇਵਕਾਂ ਦੇ ਭੱਤਿਆਂ, ਤਰਸ ਆਧਾਰਿਤ ਨੌਕਰੀ ਸਫਾਈ ਸੇਵਕਾਂ ਨੂੰ ਬਿਨਾਂ ਸ਼ਰਤ ਦੇਣਾ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣ। ਸਫਾਈ ਸੇਵਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਾ ਹੋਣ ਕਰਕੇ ਸੂਬੇ ਦੇ ਸਮੂਹ ਸਫਾਈ ਸੇਵਕਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਇੱਥੇ ਨਗਰ ਕੌਂਸਲ ਦਫਤਰ ਵਿੱਚ ਸਫਾਈ ਸੇਵਕ ਯੂਨੀਅਨ ਧਾਰੀਵਾਲ ਵੱਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਸਿਕੰਦਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਯੂਨੀਅਨ ਦੇ ਪ੍ਰਧਾਨ ਸਿਕੰਦਰ, ਮੀਤ ਪ੍ਰਧਾਨ ਬੁੱਧੂ, ਜਰਨਲ ਸਕੱਤਰ ਅਸਵਨੀ, ਜੇਮਸ ਮੱਟੂ, ਪਵਨ ਵੱਡਾ,ਦੇਸ ਰਾਜ, ਅਮਾਨਤ, ਹੈਪੀ, ਅਰੁਣ,ਮੁਕੱਦਰ, ਸਚਿਨ, ਕਪਿਲ ਗੱਟੂ, ਸਲਾਮਤ, ਕਸਮੀਰਾ, ਰਿੱਕੀ,ਵਿਸਾਲ, ਰਜਤ, ਯੂਨਸ ਮਸੀਹ, ਹੈਰੀ ਸੰਧੂ ਸਮੇਤ ਹੋਰ ਵੀ ਸਫਾਈ ਕਰਮਚਾਰੀ ਸਾਮਲ ਸਨ। ਆਗੂਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 6 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਗ੍ਰਹਿ ਸਥਾਨ ਸੰਗਰੂਰ ਵਿੱਚ ਸਮੂਹ ਸਫਾਈ ਸੇਵਕਾਂ ਵੱਲੋਂ ਪੰਜਾਬ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।