ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 3 ਨੂੰ
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰਾਂ ਵਿਚਾਲੇ ਹੋਵੇਗਾ ਮੁਕਾਬਲਾ; ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਧਾਮੀ ਉਮੀਦਵਾਰ
ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਭਲਕੇ ਤਿੰਨ ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਇਸ ਵਾਰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵਲੋਂ ਕਰਵਾਈ ਜਾ ਰਹੀ ਚੋਣ ਖਿਲਾਫ ਲੰਗਰ ਹਾਲ ਦੇ ਨੇੜੇ ਰੋਸ ਵਿਖਾਵਾ ਕੀਤਾ ਜਾਵੇਗਾ।
ਅੱਜ ਸ਼ਾਮ ਵੇਲੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਬੰਦੀ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਕੀਤੀ ਗਈ ਇੱਕ ਮੀਟਿੰਗ ਦੌਰਾਨ ਭਲਕੇ ਹੋਣ ਵਾਲੇ ਚੋਣ ਇਜਲਾਸ ਲਈ ਪਾਰਟੀ ਉਮੀਦਵਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਮਗਰੋਂ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਭਲਕੇ ਹੋਣ ਵਾਲੇ ਚੋਣ ਇਜਲਾਸ ਵਿੱਚ ਪਾਰਟੀ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਗਏ ਸਨ।

