Giani Harpreet Singh ਧਰਮ ਦਾ ਵਿਦਿਆਰਥੀ ਹਾਂ, ਪਰ ਭਗੌੜੇ ਅਕਾਲੀ ਦਲ ਨੇ ਮਜਬੂਰ ਕੀਤਾ ਤਾਂ ਸਿਆਸੀ ਪਿੱਚ ’ਤੇ ਆਉਣ ਲਈ ਤਿਆਰ: ਗਿਆਨੀ ਹਰਪ੍ਰੀਤ ਸਿੰਘ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਧਰਮ ਦੇ ਵਿਦਿਆਰਥੀ ਹਨ, ਪਰ ਜੇ ਭਗੌੜੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਮਜਬੂਰ ਕੀਤਾ, ਤਾਂ ਉਹ ਸਿਆਸੀ ਪਿੱਚ ’ਤੇ ਆਉਣ ਲਈ ਤਿਆਰ ਹਨ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਵਾਸਤੇ ਬਣਾਈ ਗਈ ਸੱਤ ਮੈਂਬਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਆਖਿਆ ਕਿ ਉਹ ਭਾਵੇਂ ਗਿਣਤੀ ਵਿੱਚ ਘੱਟ ਹੋਣ ਪਰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਖੁਦ ਸ਼ੁਰੂ ਕਰਨ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਵੀਰਵਾਰ ਨੂੰ ਹੋਈ ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਸਬੰਧ ਵਿੱਚ ਸਵਾਲਾਂ ਦੇ ਜਵਾਬ ਵੀ ਦਿੱਤੇ ਹਨ।
ਮੀਡੀਆ ਨਾਲ ਬੜੀ ਬੇਬਾਕੀ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਭਗੋੜਾ ਦਲ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਸ ਵੱਲੋਂ ਕੀਤੀ ਜਾ ਰਹੀ ਭਰਤੀ ਬੋਗਸ ਹੈ ਅਤੇ ਬੋਗਸ ਮੈਂਬਰਾਂ ਨੂੰ ਪਾਰਟੀ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿਰਫ 18 ਲੱਖ ਵੋਟਾਂ ਪਈਆਂ ਸਨ ਅਤੇ ਹੁਣ ਭਰਤੀ ਦੀ ਗਿਣਤੀ 35 ਲੱਖਾਂ ਵਿੱਚ ਦਿਖਾਈ ਜਾ ਰਹੀ ਹੈ ਜੋ ਕਿ ਬੋਗਸ ਹੈ।
ਸਿਆਸਤ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਧਰਮ ਦੇ ਵਿਦਿਆਰਥੀ ਹਨ ਪਰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਤੋਂ ਭਗੌੜੇ ਸ਼੍ਰੋਮਣੀ ਅਕਾਲੀ ਦਲ ਨੇ ਜੇ ਉਨ੍ਹਾਂ ਨੂੰ ਮਜਬੂਰ ਕੀਤਾ ਤਾਂ ਉਹ ਸਿਆਸੀ ਪਿਚ ’ਤੇ ਵੀ ਆਉਣ ਲਈ ਤਿਆਰ ਹੋਣਗੇ।
ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਕੱਲ੍ਹ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਾ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਬਾਅਦ ਵਿੱਚ ਸ੍ਰੀ ਭੂੰਦੜ ਨੇ ਆਖਿਆ ਕਿ ਉਨ੍ਹਾਂ ਨੂੰ ਕੋਈ ਸੱਦਾ ਹੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਗੁੰਮਰਾਹ ਕਰਨ ਵਾਲੀ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਭੂੰਦੜ ਨੂੰ ਇਸ ਮਾਮਲੇ ਵਿੱਚ ਸੱਦਾ ਦੇਣ ਦੀ ਲੋੜ ਹੀ ਨਹੀਂ ਸੀ। ਸੱਤ ਮੈਂਬਰੀ ਕਮੇਟੀ ਨੂੰ ਆਪਣੇ ਤੌਰ ’ਤੇ ਚਾਹੇ ਉਹ ਘੱਟ ਮੈਂਬਰ ਹੋਣ ਪਰ ਸਿੱਧੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਖੁਦ ਸ਼ੁਰੂ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਇੱਕ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।